ਚੰਡੀਗੜ੍ਹ : ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਏ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅਹਿਮ ਸੁਣਵਾਈ ਹੋਈ। ਇਸ ਮਾਮਲੇ ਨੂੰ ਲੈ ਕੇ ਅਦਾਲਤ ਨੇ ਪੰਜਾਬ ਸਰਕਾਰ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਅਦਾਲਤ ਨੇ ਟਿੱਪਣੀ ਕਰਦਿਆਂ ਕਿਹਾ ਕਿ ਡੀ. ਏ. ਮਾਮਲੇ 'ਤੇ ਸਰਕਾਰ ਨੂੰ ਸਮਾਂ ਦੇਣ ਦੇ ਬਾਵਜੂਦ ਵੀ ਇਸ ਦਿਸ਼ਾ ਵੱਲ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।
ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਨਿੱਜੀ ਤੌਰ 'ਤੇ ਅਦਾਲਤ 'ਚ ਪੇਸ਼ ਹੋਏ ਸਨ। ਹੁਣ ਅਦਾਲਤ ਨੇ ਹਾਈਕੋਰਟ ਦੀ ਰਜਿਸਟਰੀ ਨੂੰ ਭਲਕੇ ਤੱਕ ਸੁਪਰੀਮ ਕੋਰਟ 'ਚ ਪੰਜਾਬ ਸਰਕਾਰ ਵਲੋਂ ਦਾਇਰ ਕੀਤੀ ਗਈ ਅਪੀਲ ਦੀ ਸਟੇਟਸ ਰਿਪੋਰਟ ਫਾਈਲ ਕਰਨ ਦੇ ਹੁਕਮ ਦਿੱਤੇ ਹਨ।
ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਭਲਕੇ ਸਵੇਰੇ 10 ਵਜੇ ਦੁਬਾਰਾ ਅਦਾਲਤ 'ਚ ਨਿੱਜੀ ਤੌਰ 'ਤੇ ਹਾਜ਼ਰ ਰਹਿਣ ਦੇ ਹੁਕਮ ਜਾਰੀ ਕੀਤੇ ਹਨ।