ਪੰਜਾਬ ਵਿੱਚ ਧੀਆਂ ਦੀ ਸਿਹਤ ਸੁਰੱਖਿਆ ਵੱਲ ਇਤਿਹਾਸਕ ਅਤੇ ਦੂਰਅੰਦੇਸ਼ ਕਦਮ ਚੁੱਕਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਵਾਈਕਲ ਕੈਂਸਰ ਵਿਰੁੱਧ ਰਾਜ ਪੱਧਰੀ ਐੱਚਪੀਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮਹੱਤਵਪੂਰਨ ਮੁਹਿੰਮ ਦਾ ਆਗਾਜ਼ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਤੋਂ ਕੀਤਾ ਗਿਆ, ਜਿਸ ਨਾਲ ਰਾਜ ਭਰ ਵਿੱਚ ਬੱਚੀਆਂ ਨੂੰ ਘਾਤਕ ਬਿਮਾਰੀ ਤੋਂ ਬਚਾਉਣ ਲਈ ਵਿਆਪਕ ਜਾਗਰੂਕਤਾ ਅਤੇ ਟੀਕਾਕਰਨ ਪ੍ਰਕਿਰਿਆ ਸ਼ੁਰੂ ਕੀਤੀ ਗਈ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤਮੰਦ ਅਤੇ ਸੁਰੱਖਿਅਤ ਪੰਜਾਬ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਵਾਈਕਲ ਕੈਂਸਰ ਔਰਤਾਂ ਵਿੱਚ ਪਾਏ ਜਾਣ ਵਾਲੇ ਗੰਭੀਰ ਕੈਂਸਰਾਂ ਵਿੱਚੋਂ ਇੱਕ ਹੈ, ਜੋ ਬੱਚੇਦਾਨੀ ਦੇ ਹੇਠਲੇ ਹਿੱਸੇ ਵਿੱਚ ਹੁੰਦਾ ਹੈ ਅਤੇ ਇਸ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ (ਐੱਚਪੀਵੀ) ਹੈ। ਡਾ. ਬਲਬੀਰ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਦਾ ਐੱਚਪੀਵੀ ਟੀਕਾਕਰਨ ਜ਼ਰੂਰ ਕਰਵਾਉਣ। ਇਸ ਮੌਕੇ ਡਾਇਰੈਕਟਰ ਫੈਮਿਲੀ ਤੇ ਵੈਲਫੇਅਰ ਵਿਭਾਗ ਡਾ. ਅਦਿੱਤੀ ਸਲਾਰੀਆ ਨੇ ਦੱਸਿਆ ਕਿ ਇਹ ਵੈਕਸੀਨ 14 ਸਾਲ ਦੀਆਂ ਉਨ੍ਹਾਂ ਲੜਕੀਆਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਪੰਜਾਬ ਵਿੱਚ 253 ਸੈਂਟਰਾਂ ’ਚ ਯੋਗ ਬੱਚੀਆਂ ਦਾ ਟੀਕਾਕਰਨ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ ਟੀਕਾਕਰਨ ਤੋਂ ਪਹਿਲਾਂ ਯੂ-ਵਿਨ ਪੋਰਟਲ ’ਤੇ ਰਜਿਸਟ੍ਰੇਸ਼ਨ ਲਾਜ਼ਮੀ ਹੈ, ਜਿਸ ਰਾਹੀਂ ਪੂਰੀ ਪ੍ਰਕਿਰਿਆ ਨੂੰ ਡਿਜੀਟਲ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ 16 ਬੱਚੀਆਂ ਦੇ ਟੀਕਾਕਰਨ ਕਰ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਡਾ ਬਲਵਿੰਦਰ ਕੌਰ, ਸਟੇਟ ਇਮਯੂਨੀਸੇਸ਼ਨ ਅਫ਼ਸਰ ਡਾ ਮੰਜੂ ਸਿਵਿਲ ਸਰਜਨ ਜਸਵਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ, ਸਮੂਹ ਐੱਸਐੱਮਓਜ਼, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਕੌਰ ਗਿੱਲ ਜਸਵੀਰ ਗਾਂਧੀ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।