ਜਲੰਧਰ : 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਸ ਨੇ ਪੰਜ ਮਹੀਨਿਆਂ ਤੋਂ ਵੀ ਘੱਟ ਸਮੇਂ ’ਚ 1,002 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 1 ਮਾਰਚ 2025 ਨੂੰ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ 23,647 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਪੰਜਾਬ ਪੁਲਸ ਨੇ 14,906 ਐੱਫ਼. ਆਈ. ਆਰਜ਼ ਦਰਜ ਕੀਤੀਆਂ ਹਨ, ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਮਾਣ ਹੈ।
ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਸ (ਸਪੈਸ਼ਲ ਡੀ. ਜੀ. ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ ਪੰਜਾਬ ਪੁਲਸ ਨੇ 1,002 ਕਿੱਲੋ ਹੈਰੋਇਨ ਤੋਂ ਇਲਾਵਾ 344 ਕਿੱਲੋ ਅਫ਼ੀਮ, 182 ਕੁਇੰਟਲ ਭੁੱਕੀ, 14 ਕਿੱਲੋ ਚਰਸ, 365 ਕਿੱਲੋ ਗਾਂਜਾ, 6 ਕਿੱਲੋ ਆਈ. ਸੀ. ਈ., 30.9 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12.03 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।
148ਵੇਂ ਦਿਨ ਦੇ ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀ. ਜੀ. ਪੀ. ਨੇ ਕਿਹਾ ਕਿ ਪੁਲਸ ਟੀਮਾਂ ਨੇ ਐਤਵਾਰ ਨੂੰ ਸੂਬੇ ਭਰ ’ਚ 425 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ 99 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ 72 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ। ਕਾਰਵਾਈ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 12.9 ਕਿੱਲੋ ਹੈਰੋਇਨ, 701 ਗ੍ਰਾਮ ਅਫ਼ੀਮ, 70,720 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 8.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। 86 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ ਛਾਪੇਮਾਰੀ ਕੀਤੀ ਹੈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 443 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।