ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਉਸ ਵੇਲੇ ਮਾਹੌਲ ਗਰਮਾ ਗਿਆ, ਜਦੋਂ ਸਿੱਖਿਆ ਦੇ ਮੁੱਦੇ 'ਤੇ ਚੱਲ ਰਹੀ ਚਰਚਾ ਦੌਰਾਨ ਸੱਤਾਧਾਰੀ ਧਿਰ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਚਾਨਕ ਖੜ੍ਹੇ ਹੋ ਗਏ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਨਾਂ ਲੈਂਦਿਆਂ ਤਿੱਖੇ ਸ਼ਬਦਾਂ 'ਚ ਜਵਾਬ ਦਿੱਤਾ। ਪੰਡੋਰੀ ਨੇ ਆਪਣੇ ਹਲਕੇ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਸ਼ੇਰਪੁਰ ਨੇੜਲੇ ਖੇੜੀ ਚੀਲਾਂ ਪਿੰਡ ਦੇ 71 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ ਅਤੇ ਇਹ ਭਰਤੀਆਂ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ 'ਚ ਵੱਡੀ ਗਿਣਤੀ ਗਰੀਬ ਪਰਿਵਾਰਾਂ ਦੇ ਬੱਚਿਆਂ ਦੀ ਹੈ, ਜਿਸ ਨਾਲ ਸਾਬਤ ਹੁੰਦਾ ਹੈ ਕਿ ਸਰਕਾਰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇ ਰਹੀ ਹੈ। ਇਸ ਦੌਰਾਨ ਪੰਡੋਰੀ ਨੇ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਪਾਲ ਸਿੰਘ ਖਹਿਰਾ 'ਤੇ ਨਿੱਜੀ ਦੋਸ਼ ਲਗਾਉਣ ਦੀ ਰਾਜਨੀਤੀ ਕਰਨ ਦਾ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਕਿ ਬਿਨਾਂ ਸਬੂਤ ਕਿਸੇ ਵਿਅਕਤੀ ਜਾਂ ਪਰਿਵਾਰ 'ਤੇ ਦੋਸ਼ ਲਗਾਉਣਾ ਠੀਕ ਨਹੀਂ, ਕਿਉਂਕਿ ਇਸ ਨਾਲ ਪਰਿਵਾਰਾਂ ਨੂੰ ਮਾਨਸਿਕ ਤੌਰ 'ਤੇ ਗੰਭੀਰ ਝਟਕਾ ਲੱਗ ਸਕਦਾ ਹੈ।
ਪੰਡੋਰੀ ਨੇ ਕਿਹਾ ਕਿ ਉਨ੍ਹਾਂ ਬਾਰੇ ਪਹਿਲਾਂ ਵੀ ਜਨਤਕ ਤੌਰ 'ਤੇ ਗਲਤ ਬਿਆਨਬਾਜ਼ੀ ਕੀਤੀ ਗਈ ਸੀ ਅਤੇ ਜੇਕਰ ਦੋਸ਼ ਲਗਾਉਣ ਵਾਲਿਆਂ ਕੋਲ ਸਬੂਤ ਹਨ ਤਾਂ ਉਹ ਸਦਨ ਜਾਂ ਜਨਤਾ ਸਾਹਮਣੇ ਪੇਸ਼ ਕਰਨ। ਪੰਡੋਰੀ ਦੇ ਬਿਆਨ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰ ਆਪਣੀਆਂ ਸੀਟਾਂ ਤੋਂ ਖੜ੍ਹੇ ਹੋ ਗਏ ਅਤੇ ਉਨ੍ਹਾਂ ਨੇ ਇਸ ਦਾ ਤਿੱਖਾ ਵਿਰੋਧ ਕੀਤਾ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਪਾਲ ਸਿੰਘ ਖਹਿਰਾ ਵੱਲੋਂ ਵੀ ਪਲਟਵਾਰ ਕੀਤਾ ਗਿਆ, ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਸ਼ੁਰੂ ਹੋ ਗਈ। ਕੁਝ ਸਮੇਂ ਲਈ ਸਦਨ ਵਿੱਚ ਹੰਗਾਮੇ ਵਰਗੀ ਸਥਿਤੀ ਬਣ ਗਈ ਅਤੇ ਸਪੀਕਰ ਨੂੰ ਮੈਂਬਰਾਂ ਨੂੰ ਸ਼ਾਂਤ ਰਹਿਣ ਅਤੇ ਕਾਰਵਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਦਖ਼ਲ ਦੇਣਾ ਪਿਆ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਕੁਝ ਸਮੇਂ ਲਈ ਪ੍ਰਭਾਵਿਤ ਰਹੀ, ਜਿਸ ਤੋਂ ਬਾਅਦ ਸਪੀਕਰ ਨੇ ਮੈਂਬਰਾਂ ਨੂੰ ਸੰਸਦੀ ਮਰਿਆਦਾ ਬਣਾਈ ਰੱਖਣ ਦੀ ਅਪੀਲ ਕੀਤੀ।