ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਹਰ ਰੋਜ਼ ਕਤਲ ਅਤੇ ਫਿਰੌਤੀਆਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਪੁਲਸ ਦੀ ਮੌਜੂਦਗੀ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਤਾਂ ਸੂਬੇ ਦੀ ਸੁਰੱਖਿਆ ਵਿਵਸਥਾ ’ਤੇ ਗੰਭੀਰ ਚਿੰਤਾ ਬਣਦੀ ਹੈ। ਮਜੀਠੀਆ ਨੇ ਕਿਹਾ ਕਿ ਸਰਕਾਰ ਵੱਲੋਂ ਪੁਲਸ ਅਧਿਕਾਰੀਆਂ ਦੀਆਂ ਨਿਯੁਕਤੀਆਂ ਅਤੇ ਤਾਇਨਾਤੀਆਂ ਵੀ ਸਿਆਸੀ ਪ੍ਰਭਾਵ ਹੇਠ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ 'ਚ ਪੁਲਸ ਪ੍ਰਸ਼ਾਸਨ ਨੂੰ ਸੁਤੰਤਰ ਤਰੀਕੇ ਨਾਲ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਦਲਾਅ ਦੇ ਨਾਂ ’ਤੇ ਲੋਕਾਂ ਨੂੰ ਜੋ ਉਮੀਦਾਂ ਦਿਖਾਈਆਂ ਸਨ, ਮੌਜੂਦਾ ਹਾਲਾਤ ਉਨ੍ਹਾਂ ਦੇ ਬਿਲਕੁਲ ਉਲਟ ਹਨ। ਉਨ੍ਹਾਂ ਗੈਂਗਸਟਰਾਂ ਨਾਲ ਸਬੰਧਾਂ ਅਤੇ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਕਥਿਤ ਤੌਰ ’ਤੇ ਅਹਿਮ ਅਹੁਦੇ ਦੇਣ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਘੇਰਿਆ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੁਝ ਹੋਰ ਆਗੂਆਂ ਦੇ ਗੈਂਗਸਟਰਾਂ ਨਾਲ ਸਬੰਧਾਂ ਨੂੰ ਲੈ ਕੇ ਵੀ ਤਿੱਖੇ ਸਵਾਲ ਕੀਤੇ। ਮਜੀਠੀਆ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਹੁਣ ਸਰਕਾਰ ਖ਼ਿਲਾਫ਼ ਬੋਲਣਾ ਚੰਗੀ ਗੱਲ ਹੈ, ਪਰ ਉਨ੍ਹਾਂ ਨੂੰ ਪਹਿਲਾਂ ਹੀ ਇਹ ਮੁੱਦੇ ਚੁੱਕਣੇ ਚਾਹੀਦੇ ਸਨ।
ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਵੱਲੋਂ ਚੁੱਕੇ ਗਏ ਕੁੱਝ ਮੁੱਦੇ ਤੱਥਾਂ ’ਤੇ ਆਧਾਰਿਤ ਹਨ। ਮਜੀਠੀਆ ਨੇ ਮਾਈਨਿੰਗ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਇਸ ਖੇਤਰ ਵਿੱਚ ਹੋ ਰਹੀਆਂ ਕਥਿਤ ਬੇਨਿਯਮੀਆਂ ਬਾਰੇ ਪਹਿਲਾਂ ਵੀ ਸਵਾਲ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅੰਦਰੂਨੀ ਮਾਮਲਿਆਂ ਅਤੇ ਆਗੂਆਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਆਉਣ ਵਾਲੇ ਸਮੇਂ ਵਿੱਚ ਹੋਰ ਖ਼ੁਲਾਸੇ ਹੋ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੇ ਕਈ ਆਗੂਆਂ ਦੇ ਕਿਰਦਾਰ ਅਤੇ ਉਨ੍ਹਾਂ ਦੀਆਂ ਨਿਯੁਕਤੀਆਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਮਜੀਠੀਆ ਨੇ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਜਿਸ ਬਦਲਾਅ ਦੀ ਉਮੀਦ ਸੀ, ਉਸ ਦੀ ਥਾਂ ਸੂਬੇ ਵਿੱਚ ਅਪਰਾਧ, ਵਿਵਾਦ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਦੇ ਮੁੱਦੇ ਲਗਾਤਾਰ ਸਾਹਮਣੇ ਆ ਰਹੇ ਹਨ।