ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ ): ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਵਿਚ ਬਿਨਾਂ ਮਨਜ਼ੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਇਸ ਲਈ ਸਮਰੱਥ ਅਧਿਕਾਰੀ ਪਾਸੋਂ ਬਾ-ਸ਼ਰਤ ਪ੍ਰਵਾਨਗੀ ਲਾਜ਼ਮੀ ਕੀਤੀ ਹੈ।
ਜਾਰੀ ਹੁਕਮਾਂ ਅਨੁਸਾਰ ਸੁਪਰੀਮ ਕੋਰਟ ਵੱਲੋਂ ਰਿੱਟ ਪਟੀਸ਼ਨ (ਸਿਵਲ ਨੰ. 36 ਆਫ਼ 2009) ਵਿਚ ਮਿਤੀ 11.02.2010 ਰਾਹੀਂ ਪਾਸ ਕੀਤੇ ਹੁਕਮ ਦੀ ਰੌਸ਼ਨੀ ’ਚ ਜਲ ਸ੍ਰੋਤ ਮੰਤਰਾਲਾ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿਚ ਬੋਰਵੈੱਲਾਂ/ਟਿਊਬਵੈੱਲਾਂ ਦੀ ਖੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ‘ਤੇ ਰੋਕ ਲਾਈ ਗਈ ਹੈ। ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਬੋਰਵੈਲਾਂ ’ਚ ਡਿੱਗਣ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ ਲਾਈ ਗਈ ਹੈ, ਜਿਸ ਲਈ ਸਮਰੱਥ ਅਧਿਕਾਰੀ ਪਾਸੋਂ ਬਾ-ਸ਼ਰਤ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਜਾਰੀ ਹੁਕਮ ਅਨੁਸਾਰ ਜ਼ਮੀਨ ਮਾਲਕ ਵਾਸਤੇ ਬੋਰਵੈੱਲ ਪੁੱਟਣ ਤੋਂ ਪਹਿਲਾਂ ਸਬੰਧਤ ਜ਼ਿਲ੍ਹਾ ਕੁਲੈਕਟਰ, ਸਬੰਧਤ ਗ੍ਰਾਂਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ (ਗਰਾਊਂਡ ਵਾਟਰ) ਨੂੰ 15 ਦਿਨ ਪਹਿਲਾਂ ਸੂਚਿਤ ਕਰਨਾ ਜ਼ਰੂਰੀ ਹੋਵੇਗਾ।
ਇਸ ਦੇ ਨਾਲ ਹੀ ਬੋਰਵੈੱਲ ਕਰਨ ਵਾਲੀ ਡਰਿਲਿੰਗ ਏਜੰਸੀ ਦੇ ਨਾਂ ਅਤੇ ਰਜਿਸਟ੍ਰੇਸ਼ਨ ਨੰਬਰ ਅਤੇ ਜ਼ਮੀਨ ਮਾਲਕ ਦੇ ਪੂਰੇ ਨਾਮ ਤੇ ਪਤੇ ਵਾਲਾ ਸਾਈਨ ਬੋਰਡ, ਸਬੰਧਤ ਬੋਰ ਕਰਨ ਵਾਲੀ ਥਾਂ ਨੇੜੇ ਹੋਣਾ ਲਾਜ਼ਮੀ ਹੈ। ਬੋਰਵੈੱਲ ਦੇ ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨੱਟ ਬੋਲਟ ਲਗਾ ਕੇ ਬੰਦ ਕਰਨਾ ਲਾਜ਼ਮੀ ਹੋਵੇਗਾ। ਬੋਰਵੈੱਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫ਼ਾਰਮ ਜੋ ਜ਼ਮੀਨੀ ਪੱਧਰ ਤੋਂ 0.30 ਮੀਟਰ ਨੀਵਾਂ ਅਤੇ 0.30 ਮੀਟਰ ਉੱਚਾ ਹੋਵੇ, ਦੀ ਉਸਾਰੀ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਉਪਰੰਤ ਜੇਕਰ ਖਾਲੀ ਥਾਂ ਕੋਈ ਹੋਵੇ ਤਾਂ ਉਸ ਨੂੰ ਮਿੱਟੀ ਨਾਲ ਭਰਿਆ ਜਾਵੇ ਅਤੇ ਕੰਮ ਪੂਰਾ ਹੋਣ ਉਪਰੰਤ ਜ਼ਮੀਨੀ ਪੱਧਰ ਨੂੰ ਪਹਿਲਾ ਜਿਹਾ ਕੀਤਾ ਜਾਵੇ। ਖੂਹ ਜਾਂ ਬੋਰਵੈਲ ਨੂੰ ਕਿਸੇ ਵੀ ਹਾਲਤ ’ਚ ਖਾਲੀ ਨਾ ਛੱਡਿਆ ਜਾਵੇ। ਕੋਈ ਵੀ ਵਿਅਕਤੀ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਲਿਖਤੀ ਪ੍ਰਵਾਨਗੀ ਲਵੇਗਾ ਅਤੇ ਉਨ੍ਹਾਂ ਦੀ ਦੇਖਰੇਖ ਤੋਂ ਬਿਨਾਂ ਕੰਮ ਨਹੀਂ ਕਰਵਾਏਗਾ।
ਇਸੇ ਤਰ੍ਹਾਂ ਪੇਂਡੂ ਇਲਾਕੇ ’ਚ ਸਰਪੰਚ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ’ਚ ਜਨ ਸਿਹਤ ਵਿਭਾਗ, ਭੂਮੀ ਰੱਖਿਆ (ਗਰਾਂਊਂਡ ਵਾਟਰ), ਨਗਰ ਕੌਂਸਲਾਂ ਦੇ ਜੂਨੀਅਰ ਇੰਜੀਨੀਅਰਾਂ ਅਤੇ ਕਾਰਜਕਾਰੀ ਇੰਜੀਨੀਅਰਾਂ ਵੱਲੋਂ ਆਪਣੇ-ਆਪਣੇ ਅਧਿਕਾਰ ਖੇਤਰ ਦੀ ਇਸ ਸਬੰਧੀ ਬਾਕਾਇਦਾ ਰਿਪੋਰਟ ਵੀ ਤਿਆਰ ਕਰਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਹਰ ਮਹੀਨੇ ਭੇਜੀ ਜਾਵੇਗੀ। ਇਹ ਮਨਾਹੀ ਦੇ ਹੁਕਮ 30 ਸਤੰਬਰ 2025 ਤੱਕ ਲਾਗੂ ਰਹਿਣਗੇ।
ਬਾਕਸ
ਬੈਂਕਾਂ ਅਤੇ ਪੈਟਰੋਲ ਪੰਪਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਾਉਣ ਦੀ ਹਦਾਇਤ
ਨੋਟੀਫਾਈਡ ਏਰੀਆ ’ਚ ਬਿਨਾਂ ਮਨਜ਼ੂਰੀ ਟਿਊਬਵੈੱਲ ਅਤੇ ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ
ਜ਼ਿਲਾ ਮੈਜਿਸਟ੍ਰੇਟ ਨੇ ਇਸ਼ਕ ਵੱਖਰੇ ਹੁਕਮ ਜਾਰੀ ਕਰਦਿਆਂ ਪੈਟਰੋਲ ਪੰਪਾਂ ਅਤੇ ਬੈਂਕਾਂ ਵਿਚ ਡਕੈਤੀਆਂ ਤੇ ਲੁੱਟ ਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਜ਼ਿਲੇ ਵਿਚ ਹਰੇਕ ਬੈਂਕ ਅਤੇ ਪੈਟਰੋਲ ਪੰਪ ਵਾਸਤੇ ਸੀ. ਸੀ. ਟੀ. ਵੀ ਕੈਮਰੇ ਜ਼ਰੂਰੀ ਕਰਾਰ ਦਿੱਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਸੀ. ਸੀ. ਟੀ. ਵੀ ਕੈਮਰੇ ਘੱਟੋ-ਘੱਟ 7 ਦਿਨ ਦੀ ਰਿਕਾਰਡਿੰਗ ਸਮਰੱਥਾ ਰੱਖਣ ਵਾਲੇ ਹੋਣੇ ਚਾਹੀਦੇ ਹਨ। ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਐਸ.ਐਸ.ਪੀ., ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਅਤੇ ਲੀਡ ਬੈਂਕ ਮੈਨੇਜਰ ਜ਼ਿੰਮੇਵਾਰ ਹੋਣਗੇ। ਇਹ ਹੁਕਮ 30 ਸਤੰਬਰ2025 ਤੱਕ ਲਾਗੂ ਰਹੇਗਾ।
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਨੋਟੀਫਾਈਡ ਏਰੀਆ (ਬਲਾਕ ਔੜ ਅਤੇ ਬੰਗਾ) ਵਿਚ ਮਨਜ਼ੂਰੀ ਤੋਂ ਬਿਨਾਂ ਟਿਊਬਵੈੱਲ/ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਸੈਂਟਰਲ ਗਰਾਊਂਡ ਵਾਟਰ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਪ੍ਰਵਾਨਿਤ ਕੰਮਾਂ ਵਿਚੋਂ ਟਿਊਬਵੈੱਲ/ਸਬਮਰਸੀਬਲ ਲਗਾਉਣਾ ਹੈ, ਤਾਂ ਉਹ ਐਨ. ਓ. ਸੀ ਲਈ ਉਨ੍ਹਾਂ ਦੇ ਦਫ਼ਤਰ ਵਿਚ ਅਪਲਾਈ ਕਰ ਕੇ ਮਨਜ਼ੂਰੀ ਪ੍ਰਾਪਤ ਕਰੇਗਾ। ਅਣ-ਅਧਿਕਾਰਤ ਟਿਊਬਵੈੱਲ/ਸਬਮਰਸੀਬਲ ਦੀ ਜਾਂਚ ਕਰਨ ਲਈ ਪਿੰਡਾਂ ਵਿਚ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸ਼ਹਿਰਾਂ ਵਿਚ ਸਬੰਧਤ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਦੀ ਜਿੰਮੇਵਾਰੀ ਨਿਰਧਾਰਤ ਕੀਤੀ ਗਈ ਹੈ। ਇਹ ਹੁਕਮ ਲਾਗੂ ਕਰਵਾਉਣ ਲਈ ਐਸ.ਐਸ.ਪੀ., ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਔੜ/ਬੰਗਾ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬੰਗਾ ਜ਼ਿੰਮੇਵਾਰ ਹੋਣਗੇ। ਇਹ ਹੁਕਮ 30 ਸਤੰਬਰ 2025 ਤੱਕ ਲਾਗੂ ਰਹਿਣਗੇ।
ਬਾਕਸ
ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ‘ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ-2023 ਦੀ ਧਾਰਾ 163 ਤਹਿਤ ਜ਼ਿਲ੍ਹੇ ਵਿਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮ/ਜਨਤਕ ਇਕੱਠਾਂ ਅਤੇ ਵਿਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਅਨੁਸਾਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ ’ਚ ਸ਼ਾਮਿਲ ਹਨ।ਇਸ ਤੋਂ ਇਲਾਵਾ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕਰਵਾਈ ਜਾਵੇ। ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇ ਅਤੇ ਸਖਤ ਕਾਰਵਾਈ ਕੀਤੀ ਜਾਵੇ। ਇਹ ਹੁਕਮ 30 ਸਤੰਬਰ 2025 ਤੱਕ ਲਾਗੂ ਰਹੇਗਾ।