ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਬੀ.ਐੱਲ.ਐੱਮ. ਗਰਲਜ਼ ਕਾਲਜ, ਨਵਾਂਸ਼ਹਿਰ ਦੀ ਹੈਂਡਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਕਰਵਾਏ ਗਏ ਇੰਟਰ-ਕਾਲਜ ਹੈਂਡਬਾਲ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 15 ਸਾਲਾਂ ਤੋਂ ਲਗਾਤਾਰ ਕਾਲਜ ਦੀ ਹੈਂਡਬਾਲ ਟੀਮ ਯੂਨੀਵਰਸਿਟੀ ਦੇ ਮੁਕਾਬਲਿਆਂ ਵਿੱਚ ਪਹਿਲੇ ਤਿੰਨ ਸਥਾਨਾਂ ਵਿੱਚ ਆਪਣੀ ਜਗ੍ਹਾ ਬਣਾਉਂਦੀ ਆ ਰਹੀ ਹੈ। ਇਸ ਵਾਰ ਵੀ ਟੀਮ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤਿਆ। ਇਸ ਸਫ਼ਲਤਾ ਪਿੱਛੇ ਸਰੀਰਕ ਸਿੱਖਿਆ ਵਿਭਾਗ ਦੀ ਸਹਾਇਕ ਪ੍ਰੋਫੈਸਰ ਪ੍ਰੋ. ਗੁਰਭਿੰਦਰ ਕੌਰ ਦੀ ਯੋਗ ਅਗਵਾਈ ਅਤੇ ਸਪੋਰਟਸ ਕਮੇਟੀ ਦੇ ਮੈਂਬਰਾਂ ਪ੍ਰੋ. ਨਿਵੇਦਿਤਾ ਅਤੇ ਡਾ. ਗੌਰੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਦੇਸ਼ ਬੰਧੂ ਭੱਲਾ, ਸਕੱਤਰ ਸ੍ਰੀ ਵਿਨੋਦ ਭਾਰਦਵਾਜ ਅਤੇ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਨੇ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।