ਕਾਂਗਰਸ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਕਿਹਾ ਕਿ ਲੋਕਾਂ ਦੇ ਵੋਟਿੰਗ ਦੇ ਅਧਿਕਾਰਾਂ ਦੀ ਰਾਖੀ ਲਈ ਜਾਰੀ ਸੰਘਰਸ਼ ਦੇ ਤਹਿਤ ‘ਇੰਡੀਆ’ ਗੱਠਜੋੜ ਸੋਮਵਾਰ ਨੂੰ ਦਿੱਲੀ ਵਿਚ ਵੱਡਾ ਵਿਰੋਧ ਪ੍ਰਦਰਸ਼ਨ ਕਰੇਗਾ। ਉਨ੍ਹਾਂ ਨੇ ਸ਼ਨੀਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੱਠਜੋੜ ਨੇ ਹਾਲ ਹੀ ਵਿਚ ਇਸ ਮਾਮਲੇ ’ਤੇ ਆਪਣੀਆਂ ਚਿੰਤਾਵਾਂ ਪ੍ਰਗਟਾਉਣ ਲਈ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਸੀ ਅਤੇ ਸੋਮਵਾਰ ਨੂੰ ਚੀਫ਼ ਜਸਟਿਸ ਨਾਲ ਵੀ ਮੁਲਾਕਾਤ ਕਰੇਗਾ।
ਵੇਣੂਗੋਪਾਲ ਨੇ ਦੋਸ਼ ਲਗਾਇਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਬਚਾਉਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਯਤਨਾਂ ਨਾਲ ਉਨ੍ਹਾਂ ਦਾ ਪਤਨ ਹੋਵੇਗਾ। ਵੇਣੂਗੋਪਾਲ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਜਿਹਾ ਵਿਵਹਾਰ ਕਰ ਰਹੇ ਹਨ, ਜਿਵੇਂ ਉਨ੍ਹਾਂ ਦਾ ਪਤਨ ਨੇੜੇ ਹੋਵੇ। ਉਹ ਵਿਰੋਧੀ ਧਿਰ ਦੇ ਪ੍ਰਦਰਸ਼ਨਾਂ ਤੋਂ ਡਰੇ ਹੋਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਮੈਟਰੋ ਸਟੇਸ਼ਨ ਬੰਦ ਕਰਨ ਵਰਗੇ ਕਦਮ ਚੁੱਕੇ ਜਾ ਰਹੇ ਹਨ। ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਅਤੇ ‘ਇੰਡੀਆ’ ਗੱਠਜੋੜ ਉਦੋਂ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ, ਜਦੋਂ ਤੱਕ ਚੋਣ ਪ੍ਰਕਿਰਿਆ ਅਤੇ ਵਿਵਸਥਾ ਸੁਤੰਤਰ ਅਤੇ ਨਿਰਪੱਖ ਨਹੀਂ ਹੋ ਜਾਂਦੀ।