ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਮਹਿਲਾ ਵਿੰਗ ਦੀ ਪ੍ਰਧਾਨ ਅਤੇ ਸਾਬਕਾ ਐੱਸ. ਜੀ. ਪੀ. ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਸਪੱਸ਼ਟ ਕਰ ਦਿੱਤੀ ਹੈ। ਕਪੂਰਥਲਾ 'ਚ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਕਿਹਾ ਕਿ ਚੋਣ ਗਠਜੋੜ ਲਈ ਸਾਰੀਆਂ ਪੰਥਕ ਸੋਚ ਵਾਲੀਆਂ ਰਾਜਨੀਤਿਕ ਪਾਰਟੀਆਂ ਲਈ ਪਾਰਟੀ ਦੇ ਦਰਵਾਜ਼ੇ ਪੂਰੀ ਤਰ੍ਹਾਂ ਖੁੱਲ੍ਹੇ ਹਨ।
ਭਾਜਪਾ ਨਾਲ ਭਵਿੱਖ 'ਚ ਗਠਜੋੜ ਦੇ ਸਵਾਲ ਬਾਰੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਜਾਂ ਭਾਜਪਾ ਪੰਜਾਬ ਅਤੇ ਸਿੱਖ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਂਦੀ ਹੈ ਤਾਂ ਉਹ ਭਾਜਪਾ ਨਾਲ ਗਠਜੋੜ ਬਾਰੇ ਵਿਚਾਰ ਕਰ ਸਕਦੇ ਹਨ। ਉਨ੍ਹਾਂ ਮੁਤਾਬਕ ਪਾਰਟੀ ਲਈ ਪੰਜਾਬ ਅਤੇ ਭਾਈਚਾਰੇ ਦੇ ਹਿੱਤ ਸਭ ਤੋਂ ਉੱਪਰ ਹਨ।
ਬੀਬੀ ਜਗੀਰ ਕੌਰ ਨੇ ਸਿੱਖ ਰਾਜਨੀਤੀ ਵਿੱਚ ਏਕਤਾ ਦੀ ਵਕਾਲਤ ਕਰਦੇ ਕਿਹਾ ਵੱਖ-ਵੱਖ ਧੜਿਆਂ 'ਚ ਵੰਡੀਆਂ ਸਾਰੀਆਂ ਅਕਾਲੀ ਦਲਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸ਼ਰਨ ਲੈਣੀ ਚਾਹੀਦੀ ਹੈ। ਸੁਖਬੀਰ ਸਿੰਘ ਬਾਦਲ ਬਾਰੇ ਬੋਲਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸੁਖਬੀਰ ਬਾਦਲ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਨੂੰ ਪੂਰੀ ਤਰ੍ਹਾਂ ਸਵੀਕਾਰ ਕਰਦੇ ਹਨ ਅਤੇ ਉਸ 'ਤੇ ਅਮਲ ਕਰਦੇ ਹਨ ਤਾਂ ਉਹ (ਬੀਬੀ ਜਗੀਰ ਕੌਰ ਅਤੇ ਉਨ੍ਹਾਂ ਦੀ ਪਾਰਟੀ) ਸੁਖਬੀਰ ਬਾਦਲ ਨਾਲ ਚੱਲਣ ਲਈ ਤਿਆਰ ਹੈ।
ਪਿਛਲੇ ਕੁਝ ਦਿਨਾਂ ਤੋਂ ਸਿਆਸੀ ਗਲਿਆਰਿਆਂ 'ਚ ਚੱਲ ਰਹੀਆਂ ਅਫ਼ਵਾਹਾਂ ਨੂੰ ਪੂਰੀ ਤਰ੍ਹਾਂ ਖਾਰਿਜ ਕਰਦੇ ਹੋਏ ਬੀਬੀ ਜਗੀਰ ਨੇ ਕਿਹਾ ਕਿ "ਮੈਂ ਪੰਥ ਦੀ ਸੱਚੀ ਸੇਵਕ ਹਾਂ ਅਤੇ ਮੇਰੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦੀਆਂ ਸਾਰੀਆਂ ਖ਼ਬਰਾਂ ਪੂਰੀ ਤਰ੍ਹਾਂ ਝੂਠੀਆਂ ਅਤੇ ਬੇਬੁਨਿਆਦ ਹਨ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸੇ ਪੂੰਜੀਪਤੀ ਦੀ ਪਾਰਟੀ ਨਹੀਂ ਹੈ, ਸਗੋਂ ਪੰਜਾਬ ਦੇ ਗ਼ਰੀਬ ਮਜ਼ਦੂਰਾਂ ਅਤੇ ਕਿਸਾਨਾਂ ਦੀ ਆਪਣੀ ਪਾਰਟੀ ਹੈ। ਮੌਜੂਦਾ ਆਮ ਆਦਮੀ ਪਾਰਟੀ ਸਰਕਾਰ 'ਤੇ ਹਮਲਾ ਬੋਲਦਿਆਂ ਮਹਿਲਾ ਵਿੰਗ ਦੀ ਪ੍ਰਧਾਨ ਨੇ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਚੁੱਕੀ ਹੈ, ਅਤੇ ਆਮ ਨਾਗਰਿਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।