ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸ਼ਹੀਦ ਊਧਮ ਸਿੰਘ ਦੀ ਪਿਸਤੌਲ ਅਤੇ ਬਾਕੀ ਯਾਦਗਾਰਾਂ ਨੂੰ ਇੰਗਲੈਂਡ ਤੋਂ ਵਾਪਸ ਲਿਆਉਣ ਸਬੰਧੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਦਰਅਸਲ ਪੰਜਾਬ ਸਰਕਾਰ ਨੇ ਕੇਂਦਰ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਹੈ ਕਿ ਸ਼ਹੀਦ ਊਧਮ ਸਿੰਘ ਦੀ ਪਿਸਤੌਲ ਨੂੰ ਵਾਪਸ ਮੰਗਵਾ ਕੇ ਭਾਰਤੀ ਲੋਕਾਂ ਲਈ ਦੇਖਣਯੋਗ ਬਣਾਇਆ ਜਾਵੇ।
ਇਹ ਪਿਸਤੌਲ ਸ਼ਹੀਦ ਊਧਮ ਸਿੰਘ ਵਲੋਂ ਜਨਰਲ ਡਾਇਰ ਦਾ ਕਤਲ ਕਰਨ ਵੇਲੇ ਵਰਤੀ ਗਈ ਸੀ ਅਤੇ ਇਹ ਹਮਲਾ 1919 ਦੇ ਜਲ੍ਹਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਸੀ। ਉਕਤ ਪਿਸਤੌਲ ਅਜੇ ਵੀ ਇੰਗਲੈਂਡ 'ਚ ਰੱਖੀ ਹੋਈ ਹੈ, ਜਿਸ ਨੂੰ ਵਾਪਸ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਵਾਨੀਗੜ੍ਹ-ਸੁਨਾਮ ਸੜਕ ਦਾ ਨਾਂ ਬਦਲ ਕੇ ਸ਼ਹੀਦ ਊਧਮ ਸਿੰਘ ਦੇ ਨਾਂ 'ਤੇ ਰੱਖਣ ਦੀ ਯੋਜਨਾ ਬਣਾਈ ਗਈ ਹੈ ਤਾਂ ਜੋ ਨੌਜਵਾਨ ਪੀੜ੍ਹੀ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਰੱਖ ਸਕੇ।