ਨਵੀਂ ਦਿੱਲੀ/ਸ਼ਿਕਾਗੋ : ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਭਾਰਤੀ ਲੋਕਤੰਤਰ ਨੂੰ ‘ਪਵਿੱਤਰ’ ਦੱਸਦੇ ਹੋਏ ਚੋਣਾਂ ਦੇ ਬਾਈਕਾਟ ਦੀ ਸੰਭਾਵਨਾ ਨੂੰ ਖ਼ਾਰਿਜ ਕਰ ਦਿੱਤਾ ਅਤੇ ਕਿਹਾ ਕਿ ਅਜਿਹਾ ਕਰਨ ਨਾਲ ਦੇਸ਼ ’ਚ ਲੋਕਤੰਤਰ ਖ਼ਤਮ ਹੋ ਜਾਵੇਗਾ। ਉਥੇ ਹੀ ਭਾਜਪਾ ਨੇ ਵਿਦੇਸ਼ੀ ਧਰਤੀ ’ਤੇ ‘ਵੋਟ ਚੋਰੀ’ ਦਾ ਦੋਸ਼ ਦੁਹਰਾਉਣ ਲਈ ਉਨ੍ਹਾਂ ’ਤੇ ਹਮਲਾ ਤੇਜ਼ ਕਰ ਦਿੱਤਾ ਅਤੇ ਉਨ੍ਹਾਂ ’ਤੇ ਭਾਰਤ-ਵਿਰੋਧੀ ਕੂੜ-ਪ੍ਰਚਾਰ ਕਰਨ ਦਾ ਦੋਸ਼ ਲਾਇਆ।
ਅਮਰੀਕਾ ਦੀ ਸ਼ਿਕਾਗੋ ਯੂਨੀਵਰਸਿਟੀ ’ਚ ਬੁੱਧਵਾਰ ਨੂੰ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਗਾਂਧੀ ਨੇ ਕਿਹਾ ਕਿ ਕਾਂਗਰਸ ਅਤੇ ਵਿਰੋਧੀ ਧਿਰ ਦੀ ਰਣਨੀਤੀ ਇਹ ਹੈ ਕਿ ਜੋ ਕੁਝ ਹੋ ਰਿਹਾ ਹੈ ਉਸ ਨੂੰ ਸਭ ਦੇ ਸਾਹਮਣੇ ਲਿਆਂਦਾ ਜਾਵੇ ਅਤੇ ਉਦੋਂ ਤੱਕ ‘ਪੀੜ ਝੱਲੀ ਜਾਵੇ’ ਜਦੋਂ ਤੱਕ ਕਿ ਭਾਰਤ ਦੇ ਲੋਕਾਂ ਨੂੰ ਇਹ ਅਹਿਸਾਸ ਨਾ ਹੋ ਜਾਵੇ ਕਿ ‘ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ।’ ਰਾਹੁਲ ਗਾਂਧੀ ਦੇ ਬਿਆਨਾਂ ਨੂੰ ਲੈ ਕੇ ਭਾਜਪਾ ਨੇ ਉਨ੍ਹਾਂ ’ਤੇ ਨਿਸ਼ਾਨਾ ਵਿੰਨ੍ਹਿਆ ਅਤੇ ਦੋਸ਼ ਲਾਇਆ ਕਿ ਉਹ ਵਿਦੇਸ਼ੀ ਧਰਤੀ ਤੋਂ ਦੇਸ਼ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਗਾਂਧੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਵਿਦੇਸ਼ ਦੌਰਿਆਂ ਦੌਰਾਨ ਭਾਰਤ ਬਾਰੇ ਗ਼ਲਤ ਗੱਲਾਂ ਕਹੀਆਂ ਹਨ। ਭਾਰਤ ’ਚ ਵੋਟ ਚੋਰੀ ਅਤੇ ਲੋਕਤੰਤਰ ਦੀ ਘਾਟ ਦੇ ਗਾਂਧੀ ਦੇ ਦੋਸ਼ਾਂ ’ਤੇ ਰਿਜਿਜੂ ਨੇ ਸਵਾਲ ਉਠਾਇਆ ਕਿ ਜੇਕਰ ਦੇਸ਼ ’ਚ ਲੋਕਤੰਤਰੀ ਆਜ਼ਾਦੀ ਨਹੀਂ ਹੈ ਤਾਂ ਵਿਰੋਧੀ ਧਿਰ ਵਿਰੋਧ ਪ੍ਰਦਰਸ਼ਨ ਕਿਵੇਂ ਕਰ ਸਕਦੀ ਹੈ ਅਤੇ ਸਰਕਾਰ ਦੀ ਆਲੋਚਨਾ ਕਿਵੇਂ ਕਰ ਸਕਦੀ ਹੈ? ਭਾਜਪਾ ਬੁਲਾਰੇ ਸੀ. ਆਰ. ਕੇਸ਼ਵਨ ਨੇ ਗਾਂਧੀ ’ਤੇ ਵਿਦੇਸ਼ੀ ਧਰਤੀ ਤੋਂ ਭਾਰਤ ਦੀ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਢਾਹ ਲਾਉਣ ਦਾ ਦੋਸ਼ ਲਾਇਆ।