ਦੇਹਰਾਦੂਨ : ਉੱਤਰਾਖੰਡ ਦੇ ਉਪਰਲੇ ਹਿਮਾਲੀਅਨ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਹੈ। ਅਧਿਕਾਰੀਆਂ ਨੇ ਵਾਹਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਹੈ ਅਤੇ ਮੌਸਮ ਦੀ ਸਥਿਤੀ ਦੇ ਨਾਲ-ਨਾਲ ਯਾਤਰਾ ਮਾਰਗਾਂ ਦੀ ਸੁਰੱਖਿਆ ਦੀ ਮੁਕੰਮਲ ਸਮੀਖਿਆ ਕੀਤੀ ਜਾ ਰਹੀ ਹੈ।
ਸ੍ਰੀਨਗਰ (ਗੜ੍ਹਵਾਲ) ਦੇ ਕਾਰਜਕਾਰੀ ਮੈਜਿਸਟ੍ਰੇਟ ਦੀਪਕ ਭੰਡਾਰੀ ਨੇ ਦੱਸਿਆ ਕਿ ਰੁਦਰਪ੍ਰਯਾਗ ਅਤੇ ਚਮੋਲੀ ਵਿੱਚ ਭਾਰੀ ਮੀਂਹ ਕਾਰਨ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਾਹਨਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਤਾਂ ਹੀ ਦਿੱਤੀ ਜਾਵੇਗੀ ਜਦੋਂ ਰੂਟ ਪੂਰੀ ਤਰ੍ਹਾਂ ਸੁਰੱਖਿਅਤ ਪਾਏ ਜਾਣਗੇ। ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਧੀਰਜ ਰੱਖਣ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਪ੍ਰਸ਼ਾਸਨ ਵੱਲੋਂ ਯਾਤਰੀਆਂ ਲਈ ਸਾਫ਼ ਪਾਣੀ, ਪਖਾਨੇ ਅਤੇ ਖਾਣੇ ਦੇ ਪੈਕਟਾਂ ਦੀ ਸਹੂਲਤ ਲਗਾਤਾਰ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।