ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਦੇਹਦਾਨ ਮਨੁੱਖੀ ਜੀਵਨ ਦੀ ਆਖਰੀ ਅਤੇ ਸਭ ਤੋਂ ਵੱਡੀ ਸਮਾਜ ਸੇਵਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇੱਕ ਮ੍ਰਿਤਕ ਦੇਹ ਮੈਡੀਕਲ ਵਿਦਿਆਰਥੀਆਂ ਦੀ ਸਿੱਖਿਆ, ਖੋਜ ਅਤੇ ਭਵਿੱਖ ਦੇ ਇਲਾਜਾਂ ਲਈ ਵਰਤੀ ਜਾਂਦੀ ਹੈ ਤਾਂ ਉਹ ਅਨੇਕਾਂ ਜਿੰਦਗੀਆਂ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।
ਉਨ੍ਹਾਂ ਕਿਹਾ ਕਿ ਐੱਮ.ਬੀ.ਬੀ.ਐੱਸ. ਅਤੇ ਹੋਰ ਮੈਡੀਕਲ ਕੋਰਸਾਂ ਦੇ ਵਿਦਿਆਰਥੀਆਂ ਲਈ ਮਨੁੱਖੀ ਸਰੀਰ ਦੀ ਬਣਤਰ ਅਤੇ ਅੰਗਾਂ ਦੀ ਕਾਰਗੁਜ਼ਾਰੀ ਨੂੰ ਵਿਹਾਰਕ ਤੌਰ ’ਤੇ ਸਮਝਣ ਲਈ ਦੇਹਦਾਨ ਬੇਹੱਦ ਜ਼ਰੂਰੀ ਹੈ। ਦੇਹਦਾਨੀਆਂ ਦਾ ਇਹ ਯੋਗਦਾਨ ਹੀ ਭਵਿੱਖ ਦੇ ਮਾਹਿਰ ਅਤੇ ਕੁਸ਼ਲ ਡਾਕਟਰ ਤਿਆਰ ਕਰਨ ਦੀ ਮਜ਼ਬੂਤ ਨੀਂਹ ਬਣਦਾ ਹੈ।
ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮਹਾਨ ਮਨੁੱਖਤਾਵਾਦੀ ਅਭਿਆਨ ਨਾਲ ਜੁੜਨ ਅਤੇ ਮੌਤ ਤੋਂ ਬਾਅਦ ਵੀ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣ ਦਾ ਸੰਕਲਪ ਲੈਣ। ਉਨ੍ਹਾਂ ਕਿਹਾ ਕਿ ਦੇਹਦਾਨ ਲਈ ਸਵੈ-ਇੱਛੁੱਕ ਵਿਅਕਤੀ ਨਿਰਧਾਰਿਤ ਫਾਰਮ ਭਰ ਕੇ ਆਪਣੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾਲ ਇਹ ਨੇਕ ਕਾਰਜ ਅਪਣਾ ਸਕਦੇ ਹਨ।
ਇਸ ਮੌਕੇ ਸਿਵਲ ਸਰਜਨ ਨੇ ਦੋਆਬਾ ਸੇਵਾ ਸਮਿੱਤੀ, ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ, ਮਾਸਟਰ ਹੁਸਨ ਲਾਲ, ਸੇਵਾਮੁਕਤ ਬੈਂਕ ਮੈਨੇਜਰ ਅਸ਼ੋਕ ਸ਼ਰਮਾ, ਸਰਪੰਚ ਰਣਜੀਤ ਸਿੰਘ, ਦਲਬੀਰ ਸਿੰਘ ਅਤੇ ਸਮੂਹ ਟੀਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਵਿੱਚ ਦੇਹਦਾਨ ਪ੍ਰਤੀ ਜਾਗਰੂਕਤਾ ਫੈਲਾਉਣ ਵਿੱਚ ਸੰਸਥਾ ਦੀ ਭੂਮਿਕਾ ਬਹੁਤ ਹੀ ਸ਼ਲਾਘਾਯੋਗ ਹੈ।
ਦੋਆਬਾ ਸੇਵਾ ਸਮਿੱਤੀ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਵੱਲੋਂ ਹੁਣ ਤੱਕ 149 ਵਿਅਕਤੀਆਂ ਨੂੰ ਦੇਹਦਾਨ ਲਈ ਪ੍ਰੇਰਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇਹਦਾਨ ਸਬੰਧੀ ਸਾਰੀ ਪ੍ਰਕਿਰਿਆ ਵਿੱਚ ਸਵੈ-ਇੱਛੁੱਕ ਵਿਅਕਤੀਆਂ ਦੀ ਸਹਾਇਤਾ ਕਰਦੀ ਹੈ ਅਤੇ ਸਰਕਾਰੀ ਮੈਡੀਕਲ ਕਾਲਜਾਂ ਨਾਲ ਤਾਲਮੇਲ ਬਣਾ ਕੇ ਪਛਾਣ-ਪੱਤਰ ਜਾਰੀ ਕਰਵਾਉਂਦੀ ਹੈ।
ਦੇਹਦਾਨੀ ਰਾਮ ਪ੍ਰਕਾਸ਼ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪੁੱਤਰਾਂ ਜੋਗਾ ਸਿੰਘ, ਰਣਜੀਤ ਸਿੰਘ, ਨੂੰਹਾਂ ਸਤਵਿੰਦਰ ਕੌਰ ਤੇ ਸੰਦੀਪ ਕੌਰ ਦੀ ਸਹਿਮਤੀ ਨਾਲ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਮੌਤ ਤੋਂ ਬਾਅਦ ਸਰੀਰ ਮਿੱਟੀ ਵਿੱਚ ਮਿਲ ਜਾਂਦਾ ਹੈ, ਪਰ ਜੇਕਰ ਇਹੀ ਦੇਹ ਮੈਡੀਕਲ ਸਿੱਖਿਆ ਅਤੇ ਖੋਜ ਰਾਹੀਂ ਭਵਿੱਖ ਵਿੱਚ ਕਿਸੇ ਦੀ ਜਾਨ ਬਚਾਉਣ ਦਾ ਕਾਰਨ ਬਣੇ ਤਾਂ ਇਸ ਤੋਂ ਵੱਡਾ ਪੁੰਨ ਅਤੇ ਮਨੁੱਖਤਾ ਦੀ ਸੇਵਾ ਹੋਰ ਕੋਈ ਨਹੀਂ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਸਿਹਤ ਵਿਭਾਗ ਦੇ ਅਧਿਕਾਰੀ, ਦੋਆਬਾ ਸੇਵਾ ਸਮਿੱਤੀ ਦੇ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।