ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਅਮਨ ਸੂਦ ਵੱਲੋਂ ਸੋਮਵਾਰ ਨੂੰ ਭਾਰਤ ਹਸਪਤਾਲ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਅਤੇ ਮੈਡੀਕਲ ਅਫ਼ਸਰ (ਮਨੋਰੋਗ) ਡਾ. ਸੰਦੀਪ ਬਾਂਗੜ ਵੀ ਮੌਜੂਦ ਸਨ।
ਚੈਕਿੰਗ ਦੌਰਾਨ ਸਿਵਲ ਸਰਜਨ ਡਾ. ਅਮਨ ਸੂਦ ਨੇ ਕੇਂਦਰ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਇਲਾਜ ਪ੍ਰਬੰਧਾਂ, ਸਫ਼ਾਈ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨਸ਼ਾ ਮੁਕਤੀ ਇਲਾਜ ਦੌਰਾਨ ਮਰੀਜ਼ਾਂ ਦੀ ਸੁਰੱਖਿਆ, ਨਿਯਮਾਂ ਦੀ ਪਾਲਣਾ ਅਤੇ ਇਲਾਜ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਮਹੱਤਤਾ ਦੀ ਲੋੜ ’ਤੇ ਜ਼ੋਰ ਦਿੱਤਾ।
ਸਿਵਲ ਸਰਜਨ ਡਾ. ਅਮਨ ਸੂਦ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਨੂੰ ਮਿਆਰੀ ਇਲਾਜ, ਸਹੀ ਮਾਰਗਦਰਸ਼ਨ ਅਤੇ ਸਹਿਯੋਗੀ ਮਾਹੌਲ ਪ੍ਰਦਾਨ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਨਸ਼ਾ ਛੁਡਾਊ ਸੇਵਾਵਾਂ ਵਿੱਚ ਮਰੀਜ਼ਾਂ ਦੀ ਸੁਰੱਖਿਆ, ਇਲਾਜ ਦੀ ਗੁਣਵੱਤਾ ਅਤੇ ਸਿਹਤ ਵਿਭਾਗ ਦੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਨੂੰ ਪਹਿਲ ਦਿੱਤੀ ਜਾਵੇ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਨਸ਼ੇ ਦੀ ਲਤ ਇੱਕ ਅਜਿਹੀ ਸਮੱਸਿਆ ਹੈ ਜਿਸ ਦੇ ਇਲਾਜ ਲਈ ਡਾਕਟਰੀ ਸਹਾਇਤਾ ਦੇ ਨਾਲ-ਨਾਲ ਮਾਨਸਿਕ ਸਿਹਤ ਸਹਿਯੋਗ ਅਤੇ ਪਰਿਵਾਰਕ ਸਹਿਯੋਗ ਦੀ ਵੀ ਅਹਿਮ ਭੂਮਿਕਾ ਹੁੰਦੀ ਹੈ। ਨਸ਼ੇ ਦੀ ਸਮੱਸਿਆ ਤੋਂ ਪੀੜਤ ਵਿਅਕਤੀਆਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਇਲਾਜ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਪ੍ਰਤੀ ਸੰਵੇਦਨਸ਼ੀਲ ਰਵੱਈਆ ਅਪਣਾਉਣਾ ਸਮੇਂ ਦੀ ਲੋੜ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਸਮੱਸਿਆ ਨੂੰ ਲੁਕਾਉਣ ਦੀ ਬਜਾਏ ਸਮੇਂ ਸਿਰ ਡਾਕਟਰੀ ਸਹਾਇਤਾ ਲਈ ਜਾਵੇ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਲਈ ਉਤਸ਼ਾਹਿਤ ਕੀਤਾ ਜਾਵੇ। ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਿਹਤ ਵਿਭਾਗ, ਪਰਿਵਾਰਾਂ ਅਤੇ ਸਮਾਜ ਦੇ ਸਾਂਝੇ ਯਤਨ ਬਹੁਤ ਮਹੱਤਵਪੂਰਨ ਹਨ।