ਚੰਡੀਗੜ੍ਹ : ਪੰਜਾਬ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਹਰਚਰਨ ਸਿੰਘ ਭੁੱਲਰ ਇਸ ਸਮੇਂ ਚੰਡੀਗੜ੍ਹ ਦੀ ਮਾਡਲ ਜੇਲ੍ਹ 'ਚ ਬੰਦ ਹਨ। ਉਨ੍ਹਾਂ ਨੇ ਵਕੀਲ ਰਾਹੀਂ ਅਦਾਲਤ ਨੂੰ ਦੱਸਿਆ ਕਿ ਜਾਂਚ ਪੂਰੀ ਹੋ ਗਈ ਹੈ ਅਤੇ ਪਿਛਲੇ ਸਾਲ 3 ਦਸੰਬਰ ਨੂੰ ਅੰਤਿਮ ਜਾਂਚ ਰਿਪੋਰਟ ਦਾਇਰ ਕੀਤੀ ਗਈ ਸੀ, ਜਿਸ ਨਾਲ ਹਿਰਾਸਤ 'ਚ ਪੁੱਛਗਿੱਛ ਬੇਲੋੜੀ ਹੈ। ਭੁੱਲਰ ਦੇ ਵਕੀਲ ਨੇ ਕਿਹਾ ਕਿ ਪਟੀਸ਼ਨ ਕਰਤਾ ਨੂੰ ਹਿਰਾਸਤ 'ਚ ਰੱਖੇ ਜਾਣ ਦੇ 24 ਘੰਟਿਆਂ ਤੋਂ ਜ਼ਿਆਦਾ ਸਮੇਂ ਬਾਅਦ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨਾ ਪ੍ਰਕਿਰਿਆ ਦੀ ਨਿਰਪੱਖਤਾ 'ਤੇ ਸਵਾਲ ਚੁੱਕਦਾ ਹੈ।
ਰਿਸ਼ਵਤ ਮਾਮਲੇ 'ਚ ਕੀਤਾ ਗਿਆ ਹੈ ਗ੍ਰਿਫ਼ਤਾਰ
ਦੱਸਣਯੋਗ ਹੈ ਕਿ ਸੀ. ਬੀ. ਆਈ. ਨੇ ਭੁੱਲਰ ਨੂੰ 17 ਅਕਤੂਬਰ 2025 ਨੂੰ ਰਿਸ਼ਵਤਖੋਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਹਿਰਾਸਤ 'ਚ ਹਨ। ਇਸ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਉਨ੍ਹਾਂ ਦੀ ਜ਼ਮਾਨਤ ਰੱਦ ਕਰਨ ਤੋਂ ਬਾਅਦ ਭੁੱਲਰ ਨੇ ਹੁਣ ਰੈਗੂਲਰਜ਼ਮਾਨਤ ਲਈ ਹਾਈਕੋਰਟ ਵਿੱਚ ਪਹੁੰਚ ਕੀਤੀ ਹੈ। ਭੁੱਲਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ 13 ਦਸੰਬਰ ਨੂੰ ਚਲਾਨ ਦਾਇਰ ਕੀਤਾ ਗਿਆ ਹੈ। ਹੁਣ ਜਦੋਂ ਉਨ੍ਹਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਤਾਂ ਉਹ ਕਿਸੇ ਨੂੰ ਪ੍ਰਭਾਵਿਤ ਨਹੀਂ ਕਰ ਸਕਦੇ। ਇਸ ਲਈ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।
ਰਿਸ਼ਵਤਖੋਰੀ ਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦਰਜ
ਭੁੱਲਰ ਖ਼ਿਲਾਫ਼ ਰਿਸ਼ਵਤਖੋਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਹੈ। ਭੁੱਲਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ ਪਰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਉਨ੍ਹਾਂ ਦੀ ਜ਼ਮਾਨਤ ਰੱਦ ਹੋਣ ਤੋਂ ਬਾਅਦ, ਭੁੱਲਰ ਨੇ ਹੁਣ ਹਾਈਕੋਰਟ ਵਿੱਚ ਜ਼ਮਾਨਤ ਲਈ ਇਹ ਪਟੀਸ਼ਨ ਦਾਇਰ ਕੀਤੀ ਹੈ।