ਚੀਮਾ ਮੰਡੀ/ ਸੁਨਾਮ (ਰਮੇਸ਼ ਗਰਗ) : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਦੌਰਾਨ ਐਲਾਨੀ ਗਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਬਾਰੇ ਜਾਣਕਾਰੀ ਦੇਣ ਲਈ ਚੀਮਾ ਮੰਡੀ ਦੇ ਕਮਿਊਨਿਟੀ ਹਾਲ ਵਿਖੇ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਟੀਮ ਅਮਨ ਅਰੋੜਾ ਵੱਲੋਂ ਕਰਵਾਇਆ ਗਿਆ, ਜਿਸ ਵਿੱਚ ਹਲਕੇ ਦੀਆਂ ਵੱਡੀ ਗਿਣਤੀ ਮਹਿਲਾਵਾਂ ਨੇ ਭਾਗ ਲਿਆ।
ਇਸ ਮੌਕੇ ਮਹਿਲਾਵਾਂ ਨੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਲਏ ਗਏ ਇਸ ਮਹੱਤਵਪੂਰਨ ਫ਼ੈਸਲੇ ਦੀ ਸਰਾਹਨਾ ਕਰਦਿਆਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਮੀਡੀਆ ਸਲਾਹਕਾਰ ਜਤਿੰਦਰ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰ ਅਮਨ ਅਰੋੜਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਤਰੱਕੀ ਨਾਲ ਹੀ ਪਰਿਵਾਰ ਅਤੇ ਸਮਾਜ ਦੀ ਤਰੱਕੀ ਸੰਭਵ ਹੈ ਅਤੇ ਇਸੇ ਸੋਚ ਦੇ ਤਹਿਤ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ।
ਇਸ ਮੌਕੇ ਮਾਰਕਿਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਨੇ ਕਿਹਾ ਕਿ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਨਾਲ ਮਹਿਲਾਵਾਂ ਨੂੰ ਆਰਥਿਕ ਸਹਾਰਾ ਮਿਲੇਗਾ ਅਤੇ ਉਹ ਆਪਣੇ ਪਰਿਵਾਰ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਹੋਰ ਮਜ਼ਬੂਤ ਭੂਮਿਕਾ ਨਿਭਾ ਸਕਣਗੀਆਂ।
ਪੀ.ਏ. ਸੰਜੀਵ ਸੰਜੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਲਏ ਜਾ ਰਹੇ ਫ਼ੈਸਲੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣਗੇ ਅਤੇ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਸਹਾਇਕ ਸਾਬਤ ਹੋਣਗੇ।
“ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਤਹਿਤ ਪੰਜਾਬ ਦੀਆਂ ਬਾਲਗ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਜਦਕਿ ਅਨੁਸੂਚਿਤ ਜਾਤੀ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਦੀ ਰਕਮ ਸਿੱਧੇ ਤੌਰ 'ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ।
ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ ਅਤੇ ਆਤਮ-ਵਿਸ਼ਵਾਸ ਨੂੰ ਵੀ ਮਜ਼ਬੂਤੀ ਦੇਵੇਗੀ।
ਇਸ ਮੌਕੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਤੋਂ ਆਈਆਂ ਮਹਿਲਾਵਾਂ, ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਅਤੇ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਮੌਜੂਦ ਸਨ।