ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਡਰੱਗਜ਼ ਵਿੰਗ), ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਦੁਰਵਰਤੋਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਸ. ਗੁਲਪ੍ਰੀਤ ਸਿੰਘ ਔਲਖ ਅਤੇ ਐੱਸ.ਐੱਸ.ਪੀ., ਸ਼ਹੀਦ ਭਗਤ ਸਿੰਘ ਨਗਰ ਸ੍ਰੀ ਤੁਸ਼ਾਰ ਗੁਪਤਾ ਦੀਆਂ ਹਦਾਇਤਾਂ ਅਨੁਸਾਰ ਲੰਘੇ ਕੱਲ੍ਹ ਡਰੱਗ ਕੰਟਰੋਲ ਅਫ਼ਸਰ ਗੁਰਜੀਤ ਸਿੰਘ ਰਾਣਾ ਨੇ ਪੁਲਿਸ ਟੀਮ ਦੇ ਨਾਲ ਮਿਲ ਕੇ ਬੰਗਾ ਵਿਖੇ ਛੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ। ਜਾਂਚ ਦੌਰਾਨ ਮੁਕੰਦਪੁਰ ਰੋਡ, ਬੰਗਾ ਸਥਿਤ ਅੰਸਾਰੀ ਮੈਡੀਕਲ ਸਟੋਰ ਵੱਲੋਂ ਦਵਾਈਆਂ ਦੀ ਖ਼ਰੀਦ ਅਤੇ ਵਿਕਰੀ ਸਬੰਧੀ ਲੋੜੀਂਦਾ ਰਿਕਾਰਡ ਪੇਸ਼ ਨਹੀਂ ਕੀਤਾ ਜਾ ਸਕਿਆ, ਜਿਸ ਕਾਰਨ ਸਟੋਰ ਤੋਂ ਦੋ ਕਿਸਮ ਦੀਆਂ ਦਵਾਈਆਂ, ਜਿਨ੍ਹਾਂ ਵਿੱਚ ਸਪਾਸਮੋਨਿਲ ਵੀ ਸ਼ਾਮਲ ਹੈ, ਜ਼ਬਤ ਕਰ ਲਈਆਂ ਗਈਆਂ। ਬਾਕੀ ਸਟੋਰਾਂ ਦੀ ਵੀ ਲਾਇਸੈਂਸ ਸ਼ਰਤਾਂ ਅਤੇ ਰਿਕਾਰਡ ਦੇ ਸਬੰਧ ਵਿੱਚ ਜਾਂਚ ਕੀਤੀ ਗਈ।
ਡਰੱਗ ਕੰਟਰੋਲ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਦਵਾਈਆਂ ਦੀ ਵਿਕਰੀ ਵਿੱਚ ਨਿਯਮਾਂ ਦੀ ਉਲੰਘਣਾ, ਬਿਨਾਂ ਲੋੜੀਂਦੇ ਰਿਕਾਰਡ ਤੋਂ ਦਵਾਈਆਂ ਦੀ ਖ਼ਰੀਦ-ਵੇਚ ਅਤੇ ਦਵਾਈਆਂ ਦੀ ਨਸ਼ਿਆਂ ਵਜੋਂ ਦੁਰਵਰਤੋਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋਸ਼ੀ ਪਾਏ ਜਾਣ ਵਾਲੇ ਕੈਮਿਸਟਾਂ ਵਿਰੁੱਧ ਡਰੱਗਜ਼ ਐਂਡ ਕਾਸਮੈਟਿਕਸ ਐਕਟ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਸਮੂਹ ਕੈਮਿਸਟਾਂ ਨੂੰ ਹਦਾਇਤ ਕੀਤੀ ਕਿ ਉਹ ਦਵਾਈਆਂ ਦੀ ਖ਼ਰੀਦ ਅਤੇ ਵਿਕਰੀ ਦਾ ਪੂਰਾ ਰਿਕਾਰਡ ਸੰਭਾਲ ਕੇ ਰੱਖਣ, ਲਾਇਸੈਂਸ ਦੀਆਂ ਸ਼ਰਤਾਂ ਅਤੇ ਡਰੱਗਜ਼ ਐਂਡ ਕਾਸਮੈਟਿਕਸ ਐਕਟ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਕਿਸੇ ਵੀ ਸ਼ੱਕੀ ਜਾਂ ਗੈਰ-ਕਾਨੂੰਨੀ ਗਤੀਵਿਧੀ ਤੋਂ ਦੂਰ ਰਹਿਣ।
ਸਿਹਤ ਵਿਭਾਗ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਡਰੱਗਜ਼ ਵਿੰਗ) ਅਤੇ ਪੁਲਿਸ ਦੀਆਂ ਸਾਂਝੀਆਂ ਜਾਂਚਾਂ ਦਾ ਮਕਸਦ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਨਸ਼ਿਆਂ ਵਜੋਂ ਦੁਰਵਰਤੋਂ ’ਤੇ ਰੋਕ ਲਗਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਹੈ।
ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਹੈ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕਿਸੇ ਮੈਡੀਕਲ ਸਟੋਰ ਵੱਲੋਂ ਬਿਨਾਂ ਪਰਚੀ ਦੇ ਪਾਬੰਦੀਸ਼ੁਦਾ ਦਵਾਈਆਂ ਵੇਚਣ ਦਾ ਮਾਮਲਾ ਆਵੇ, ਤਾਂ ਤੁਰੰਤ ਸਬੰਧਤ ਵਿਭਾਗ ਜਾਂ ਪੁਲਿਸ ਨੂੰ ਸੂਚਿਤ ਕਰਨ।
ਇਸ ਸਬੰਧੀ ਐੱਸ.ਐੱਸ.ਪੀ., ਸ਼ਹੀਦ ਭਗਤ ਸਿੰਘ ਨਗਰ ਸ੍ਰੀ ਤੁਸ਼ਾਰ ਗੁਪਤਾ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦਵਾਈਆਂ ਦੀ ਆੜ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਡਰੱਗਜ਼ ਵਿੰਗ ਦੇ ਸਹਿਯੋਗ ਨਾਲ ਅਜਿਹੀਆਂ ਜਾਂਚਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ।