ਨਵੀਂ ਦਿੱਲੀ/ਅਯੁੱਧਿਆ : ਅਯੁੱਧਿਆ ਸਥਿਤ ਰਾਮ ਮੰਦਰ ਦੇ ਚੜ੍ਹਾਵੇ ਵਿਚ ਕਥਿਤ ਬੇਨਿਯਮੀਆਂ ਅਤੇ ਚੋਰੀ ਦੇ ਦਾਅਵਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਮਾਮਲੇ ਦਾ ਨੋਟਿਸ ਲੈਂਦਿਆਂ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਤੋਂ ਰਿਪੋਰਟ ਤਲਬ ਕੀਤੀ ਹੈ। ਸੂਤਰਾਂ ਅਨੁਸਾਰ, ਹਾਲ ਹੀ ਵਿਚ ਉੱਠੇ ਦੋਸ਼ਾਂ ਅਤੇ ਸ਼ਿਕਾਇਤਾਂ ਤੋਂ ਬਾਅਦ ਪੀਐੱਮਓ ਨੇ ਪੂਰੇ ਮਾਮਲੇ ਦੀ ਤੱਥਾਂ ’ਤੇ ਆਧਾਰਤ ਜਾਣਕਾਰੀ ਮੰਗੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੇ ਇਕ ਆਗੂ ਨੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਪੱਤਰ ਲਿਖ ਕੇ ਚੜ੍ਹਾਵੇ ਵਿਚ ਕਥਿਤ ਗੜਬੜੀ ਦੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਪੀ. ਐੱਮ. ਓ. ਨੇ ਟਰੱਸਟ ਨੂੰ ਵਿਸਥਾਰਤ ਰਿਪੋਰਟ ਮੁਹੱਈਆ ਕਰਵਾਉਣ ਲਈ ਕਿਹਾ ਹੈ।
ਹਾਲਾਂਕਿ, ਹੁਣ ਤੱਕ ਟਰੱਸਟ ਵੱਲੋਂ ਚੜ੍ਹਾਵੇ ਵਿਚ ਕਿਸੇ ਵੀ ਤਰ੍ਹਾਂ ਦੀ ਚੋਰੀ ਜਾਂ ਵਿੱਤੀ ਬੇਨਿਯਮੀ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਮਾਮਲੇ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਵੀ ਤੇਜ਼ ਹੋ ਗਈ ਹੈ ਅਤੇ ਵੱਖ-ਵੱਖ ਧਿਰਾਂ ਆਪਣੇ-ਆਪਣੇ ਦਾਅਵੇ ਕਰ ਰਹੀਆਂ ਹਨ। ਸੂਤਰਾਂ ਮੁਤਾਬਕ, ਟਰੱਸਟ ਦੀ ਰਿਪੋਰਟ ਮਿਲਣ ਤੋਂ ਬਾਅਦ ਹੀ ਅਗਲੀ ਕਾਰਵਾਈ ਜਾਂ ਕਿਸੇ ਜਾਂਚ ਸਬੰਧੀ ਫੈਸਲੇ ’ਤੇ ਵਿਚਾਰ ਕੀਤਾ ਜਾਵੇਗਾ। ਫਿਲਹਾਲ ਸਬੰਧਤ ਦੋਸ਼ਾਂ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।