ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ 28 ਜੂਨ ਤੋਂ ਸ਼ੁਰੂ ਹੋ ਰਹੀ ਤਿੰਨ ਦਿਨਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ-2026 ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਹੋਰ ਸਿਹਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਮੀਟਿੰਗ ਦੌਰਾਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ 28 ਤੋਂ 30 ਜੂਨ 2026 ਤੱਕ ਚੱਲਣ ਵਾਲੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 0 ਤੋਂ 5 ਸਾਲ ਉਮਰ ਵਰਗ ਦੇ 56,421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਦੀ ਸੌ-ਪ੍ਰਤੀਸ਼ਤ ਪ੍ਰਾਪਤੀ ਲਈ ਸਾਰੇ ਸਿਹਤ ਅਧਿਕਾਰੀ ਅਤੇ ਕਰਮਚਾਰੀ ਪੂਰੀ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਕੰਮ ਕਰਨ।
ਸਿਵਲ ਸਰਜਨ ਨੇ ਹਦਾਇਤ ਕੀਤੀ ਕਿ ਸਾਰੇ ਸੀਨੀਅਰ ਮੈਡੀਕਲ ਅਫ਼ਸਰ ਆਪਣੇ-ਆਪਣੇ ਖੇਤਰਾਂ ਵਿੱਚ ਪੋਲੀਓ ਬੂਥਾਂ, ਟ੍ਰਾਂਜ਼ਿਟ ਟੀਮਾਂ ਅਤੇ ਘਰ-ਘਰ ਜਾਣ ਵਾਲੀਆਂ ਟੀਮਾਂ ਦੀ ਕਾਰਗੁਜ਼ਾਰੀ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੁਹਿੰਮ ਦੌਰਾਨ ਕਿਸੇ ਵੀ ਬੱਚੇ ਦੇ ਛੁੱਟਣ ਦੀ ਗੁੰਜਾਇਸ਼ ਨਹੀਂ ਹੋਣੀ ਚਾਹੀਦੀ ਅਤੇ ਉੱਚ ਜੋਖਮ ਵਾਲੇ ਖੇਤਰਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ।
ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ 28 ਜੂਨ ਨੂੰ ਜ਼ਿਲ੍ਹੇ ਭਰ ਵਿੱਚ 226 ਪੋਲੀਓ ਬੂਥ ਸਥਾਪਤ ਕੀਤੇ ਜਾਣਗੇ, ਜਦਕਿ 29 ਅਤੇ 30 ਜੂਨ ਨੂੰ 451 ਘਰ-ਘਰ ਜਾਣ ਵਾਲੀਆਂ ਟੀਮਾਂ ਛੁੱਟੇ ਹੋਏ ਬੱਚਿਆਂ ਨੂੰ ਕਵਰ ਕਰਨਗੀਆਂ। ਇਸ ਤੋਂ ਇਲਾਵਾ 16 ਟ੍ਰਾਂਜ਼ਿਟ ਟੀਮਾਂ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ’ਤੇ ਅਤੇ 7 ਮੋਬਾਈਲ ਟੀਮਾਂ ਝੁੱਗੀ-ਝੌਂਪੜੀਆਂ, ਇੱਟਾਂ ਦੇ ਭੱਠਿਆਂ, ਫੈਕਟਰੀਆਂ ਅਤੇ ਹੋਰ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਸੇਵਾਵਾਂ ਪ੍ਰਦਾਨ ਕਰਨਗੀਆਂ।
ਉਨ੍ਹਾਂ ਦੱਸਿਆ ਕਿ ਮੁਹਿੰਮ ਦੀ ਪ੍ਰਭਾਵਸ਼ਾਲੀ ਨਿਗਰਾਨੀ ਲਈ 45 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ ਅਤੇ 1,38,015 ਘਰਾਂ, 18 ਅਨਾਜ ਮੰਡੀਆਂ, 13 ਫੈਕਟਰੀਆਂ, 55 ਇੱਟਾਂ ਦੇ ਭੱਠਿਆਂ ਅਤੇ 81 ਉੱਚ ਜੋਖਮ ਵਾਲੇ ਖੇਤਰਾਂ ਨੂੰ ਕਵਰ ਕੀਤਾ ਜਾਵੇਗਾ।
ਸਿਵਲ ਸਰਜਨ ਨੇ ਕਿਹਾ ਕਿ ਭਾਵੇਂ ਭਾਰਤ ਪਿਛਲੇ 15 ਸਾਲਾਂ ਤੋਂ ਪੋਲੀਓ ਮੁਕਤ ਹੈ, ਪਰ ਵਿਸ਼ਵ ਪੱਧਰ ’ਤੇ ਪੋਲੀਓ ਵਾਇਰਸ ਦੀ ਮੌਜੂਦਗੀ ਨੂੰ ਦੇਖਦਿਆਂ ਲਗਾਤਾਰ ਚੌਕਸੀ ਅਤੇ ਟੀਕਾਕਰਨ ਮੁਹਿੰਮਾਂ ਦੀ ਸਫ਼ਲਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ ਅਤੇ ਪੋਲੀਓ ਮੁਕਤ ਭਾਰਤ ਦੀ ਸਥਿਤੀ ਨੂੰ ਕਾਇਮ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।
ਮੀਟਿੰਗ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਨੇ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਅਤੇ ਮਾਈਕ੍ਰੋ ਪਲਾਨਿੰਗ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ, ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਐੱਸ.ਐੱਮ.ਓ. ਡਾ. ਚਰਨਜੀਤ ਕੁਮਾਰ, ਡਾ. ਸਤਵਿੰਦਰਪਾਲ ਸਿੰਘ, ਡਾ. ਸੋਨੀਆ, ਡਾ. ਜਸਵਿੰਦਰ ਸਿੰਘ, ਡਾ. ਨੀਨਾ ਸ਼ਾਂਤ, ਡਾ. ਭੁਪਿੰਦਰ ਸਿੰਘ, ਡਾ. ਚਰਨਜੀਤ ਸਿੰਘ ਮੌਜੀ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਈ.ਪੀ.ਆਈ. ਅਸਿਸਟੈਂਟ ਸੁਸ਼ੀਲ ਕੁਮਾਰ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।