ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) : ਵਿਧਾਇਕ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕੇ ਦੇ ਪਿੰਡ ਹਰੀਪੁਰ ਹਿੰਦੂਆਂ ਤੋਂ ਸ਼ਰਧਾਲੂਆਂ ਦੀ ਪੰਜਵੀਂ ਬੱਸ ਨੂੰ ਸ਼੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਅਰਦਾਸ ਉਪਰੰਤ ਰਵਾਨਾ ਕੀਤਾ। ਉਨ੍ਹਾਂ ਯਾਤਰੀਆਂ ਦੀ ਸੁੱਖ-ਸਲਾਮਤੀ ਅਤੇ ਚੰਗੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਪੰਜਾਬੀਆਂ ਦੀ ਇੱਛਾ ਦਾ ਸਨਮਾਨ ਕੀਤਾ ਹੈ ਜੋ ਤੀਰਥ ਯਾਤਰਾ ‘ਤੇ ਜਾਣਾ ਚਾਹੁੰਦੇ ਸਨ ਪਰ ਆਰਥਿਕ ਤੰਗੀ ਕਾਰਨ ਨਹੀਂ ਜਾ ਸਕੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਉਨ੍ਹਾਂ ਦੇ ਪਵਿੱਤਰ ਤੀਰਥ ਸਥਾਨਾਂ ਤੱਕ ਪਹੁੰਚਾਉਣ ਲਈ ਹਰ ਹਲਕੇ ਨੂੰ ਬੱਸਾਂ ਉਪਲਬਧ ਕਰਵਾਈਆਂ ਗਈਆਂ ਹਨ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਮਾਨ ਸਰਕਾਰ ਬਜ਼ੁਰਗਾਂ ਦੀ ਸੱਚੀ ਸੇਵਾ ਕਰ ਰਹੀ ਹੈ।
ਵਿਧਾਇਕ ਰੰਧਾਵਾ ਨੇ ਬੱਸ ਵਿੱਚ ਸਵਾਰ ਹੋਣ ਲਈ ਇਕੱਤਰ ਹੋਏ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਧਾਰਮਿਕ ਯਾਤਰਾ ਲਈ ਖਾਣ-ਪੀਣ, ਆਉਣ-ਜਾਣ ਅਤੇ ਰਹਿਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਬਜ਼ੁਰਗ ਯਾਤਰੀਆਂ ਨੂੰ ਸਫਰ ਦੌਰਾਨ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਉਹ ਅਰਾਮਦਾਇਕ ਅਤੇ ਸੁਰੱਖਿਅਤ ਢੰਗ ਨਾਲ ਆਪਣੀ ਧਾਰਮਿਕ ਯਾਤਰਾ ਪੂਰੀ ਕਰ ਸਕਣ।
ਯਾਤਰੀਆਂ ਨੇ ਕਿਹਾ ਕਿ ਉਹ ਸਾਰੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਮੁਫ਼ਤ ਧਾਰਮਿਕ ਯਾਤਰਾ ਦਾ ਮੌਕਾ ਪ੍ਰਦਾਨ ਕਰਨ ਲਈ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਉਨ੍ਹਾਂ ਵਰਗੇ ਬਹੁਤ ਸਾਰੇ ਸ਼ਰਧਾਲੂਆਂ ਲਈ ਲਾਹੇਵੰਦ ਸਾਬਤ ਹੋਵੇਗਾ, ਜੋ ਆਪਣੇ ਪਵਿੱਤਰ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣਾ ਚਾਹੁੰਦੇ ਹਨ।