ਸੰਗਰੂਰ : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਹਲਕੇ ਦੇ ਪੇਂਡੂ ਖੇਤਰਾਂ ਵਿੱਚ ਆਵਾਜਾਈ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਪੁੱਟਦਿਆਂ ਕੁੱਲ 2.72 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਸੜਕੀ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਤਹਿਤ ਉਨ੍ਹਾਂ ਇੱਕ ਨਵੀਂ ਲਿੰਕ ਸੜਕ ਦਾ ਉਦਘਾਟਨ ਕੀਤਾ, ਜਦਕਿ ਦੂਜੀ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ। ਦੋਵਾਂ ਸੜਕਾਂ ਦੀ ਕੁੱਲ ਲੰਬਾਈ 5 ਕਿਲੋਮੀਟਰ ਹੈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਘਾਬਦਾਂ ਲਾਡੀ ਰੋਡ ਤੋਂ ਜਨਾਲ ਲਾਡੀ ਰੋਡ ਤੱਕ 2 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਉਦਘਾਟਨ ਕਰਕੇ ਇਸ ਨੂੰ ਇਲਾਕਾ ਵਾਸੀਆਂ ਨੂੰ ਸਮਰਪਿਤ ਕੀਤਾ।
ਇਸੇ ਤਰ੍ਹਾਂ ਉਨ੍ਹਾਂ ਘਾਬਦਾਂ ਤੋਂ ਡੇਰਾ ਸੁਆਮੀ ਪੋਥੀਵਾਲਾ ਹੁੰਦੇ ਹੋਏ ਹਰਿਕ੍ਰਿਸ਼ਨਪੁਰਾ ਸੜਕ ਤੱਕ 1.70 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ 3 ਕਿਲੋਮੀਟਰ ਲੰਬੀ ਨਵੀਂ ਲਿੰਕ ਸੜਕ ਦਾ ਨੀਂਹ ਪੱਥਰ ਵੀ ਰੱਖਿਆ। ਦੋਵਾਂ ਸੜਕੀ ਪ੍ਰੋਜੈਕਟਾਂ ਨਾਲ ਵੱਖ-ਵੱਖ ਪਿੰਡਾਂ ਨੂੰ ਬਿਹਤਰ ਸੜਕੀ ਸੰਪਰਕ ਮਿਲੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਹ ਲਿੰਕ ਸੜਕਾਂ ਇਲਾਕਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸਨ। ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਦਿਆਂ ਇਨ੍ਹਾਂ ਅਹਿਮ ਸੜਕੀ ਪ੍ਰੋਜੈਕਟਾਂ ਨੂੰ ਅਮਲੀ ਰੂਪ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨਾਲ ਪਿੰਡਾਂ ਦੇ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ। ਸਕੂਲਾਂ ਅਤੇ ਕਾਲਜਾਂ ਵਿੱਚ ਜਾਣ ਵਾਲੇ ਵਿਦਿਆਰਥੀਆਂ, ਨੌਕਰੀਪੇਸ਼ਾ ਵਿਅਕਤੀਆਂ, ਕਿਸਾਨਾਂ, ਵਪਾਰੀਆਂ ਅਤੇ ਹੋਰ ਰਾਹਗੀਰਾਂ ਨੂੰ ਇਸ ਦਾ ਸਿੱਧਾ ਲਾਭ ਹੋਵੇਗਾ। ਇਸ ਤੋਂ ਇਲਾਵਾ ਕਿਸਾਨਾਂ ਲਈ ਆਪਣੀ ਖੇਤੀ ਉਪਜ ਮੰਡੀਆਂ ਤੱਕ ਪਹੁੰਚਾਉਣੀ ਵੀ ਵਧੇਰੇ ਸੁਖਾਲੀ ਹੋਵੇਗੀ ਅਤੇ ਉਨ੍ਹਾਂ ਦੇ ਸਮੇਂ ਤੇ ਆਵਾਜਾਈ ਖ਼ਰਚੇ ਦੀ ਬੱਚਤ ਹੋਵੇਗੀ।
ਵਿਧਾਇਕ ਭਰਾਜ ਨੇ ਕਿਹਾ ਕਿ ਸੜਕਾਂ ਕਿਸੇ ਵੀ ਇਲਾਕੇ ਦੇ ਸਰਬਪੱਖੀ ਵਿਕਾਸ ਦੀਆਂ ਜੀਵਨ ਰੇਖਾਵਾਂ ਹੁੰਦੀਆਂ ਹਨ। ਬਿਹਤਰ ਸੜਕੀ ਸੰਪਰਕ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੁੰਦੀ ਹੈ, ਸਗੋਂ ਵਪਾਰਕ ਸਰਗਰਮੀਆਂ ਨੂੰ ਹੁਲਾਰਾ ਮਿਲਣ ਦੇ ਨਾਲ-ਨਾਲ ਲੋਕਾਂ ਨੂੰ ਸਿੱਖਿਆ, ਸਿਹਤ ਅਤੇ ਹੋਰ ਜ਼ਰੂਰੀ ਸੇਵਾਵਾਂ ਤੱਕ ਪਹੁੰਚਣ ਵਿੱਚ ਵੀ ਸਹੂਲਤ ਹੁੰਦੀ ਹੈ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘਾਬਦਾਂ ਤੋਂ ਡੇਰਾ ਸੁਆਮੀ ਪੋਥੀਵਾਲਾ ਹੁੰਦੇ ਹੋਏ ਹਰਿਕ੍ਰਿਸ਼ਨਪੁਰਾ ਸੜਕ ਤੱਕ ਬਣਾਈ ਜਾਣ ਵਾਲੀ ਨਵੀਂ ਲਿੰਕ ਸੜਕ ਦਾ ਨਿਰਮਾਣ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਪੱਧਰ ’ਤੇ ਸਮਝੌਤਾ ਨਾ ਹੋਵੇ। ਉਨ੍ਹਾਂ ਕਿਹਾ ਕਿ ਮਿਆਰੀ ਸਮੱਗਰੀ ਦੀ ਵਰਤੋਂ ਯਕੀਨੀ ਬਣਾਉਣ ਦੇ ਨਾਲ-ਨਾਲ ਨਿਰਮਾਣ ਦੇ ਹਰ ਪੜਾਅ ਦੀ ਬਾਕਾਇਦਾ ਨਿਗਰਾਨੀ ਕੀਤੀ ਜਾਵੇ।
ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਹਲਕਾ ਸੰਗਰੂਰ ਵਿੱਚ ਸੜਕਾਂ, ਸਿੱਖਿਆ, ਸਿਹਤ, ਪੀਣ ਵਾਲੇ ਪਾਣੀ, ਸੀਵਰੇਜ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਪ੍ਰਗਟਾਇਆ ਗਿਆ ਭਰੋਸਾ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ ਅਤੇ ਹਰੇਕ ਪਿੰਡ ਦੀਆਂ ਜਾਇਜ਼ ਮੰਗਾਂ ਨੂੰ ਪੜਾਅਵਾਰ ਢੰਗ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਹਲਕਾ ਸੰਗਰੂਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਇਲਾਕਾ ਵਾਸੀਆਂ ਨੇ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਕਰਨ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕੀਤਾ।
ਇਸ ਮੌਕੇ ਸਰਪੰਚ ਸਤਨਾਮ ਸਿੰਘ ਕਾਲਾ, ਤੇਜੀ ਘਾਬਦਾਂ, ਜਸਪ੍ਰੀਤ ਘਾਬਦਾਂ, ਮਲਕ ਲਾਡੀ, ਕੁਲਵਿੰਦਰ ਤੂਰ, ਦੋਵਾਂ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।