ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਐਨ.ਐਸ.ਐਸ. ਯੂਨਿਟ ਇੰਚਾਰਜ ਡਾ. ਹਰਦੀਪ ਕੌਰ ਅਤੇ ਈਕੋ ਕਲੱਬ ਇੰਚਾਰਜ ਡਾ. ਗੌਰੀ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਨੂੰ ਪੌਦਿਆਂ ਦੇ ਗਮਲੇ ਭੇਂਟ ਕੀਤੇ। ਇਸ ਤੋਂ ਬਾਅਦ ਸਟਾਫ਼ ਮੈਂਬਰਾਂ ਵੱਲੋਂ ਕਾਲਜ ਕੈਂਪਸ ਵਿੱਚ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।
ਪੌਦਾਰੋਪਣ ਉਪਰੰਤ ਪ੍ਰਿੰਸੀਪਲ ਸ਼੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਵਿਸ਼ਵ ਵਾਤਾਵਰਣ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਰੁੱਖ-ਪੌਦੇ ਧਰਤੀ ਦੀ ਹਰਿਆਵਲੀ ਅਤੇ ਮਨੁੱਖੀ ਜੀਵਨ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਸਾਰਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਮਿਲ ਸਕੇ।
ਸਮਾਗਮ ਦੌਰਾਨ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵਾਤਾਵਰਣ ਸੁਰੱਖਿਆ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ।