ਸੁਨਾਮ (ਰਮੇਸ਼ ਗਰਗ) : ਈਟੀਟੀ ਟੈਟ ਪਾਸ ਅਧਿਆਪਕ ਐਸੋਸੀਏਸ਼ਨ ਜੈ ਸਿੰਘ ਵਾਲਾ ਵੱਲੋਂ 180 ਈਟੀਟੀ ਅਧਿਆਪਕਾਂ ਨੇ ਆਪਣੇ ਪਰਿਵਾਰਾਂ ਸਮੇਤ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਹਿਯੋਗ ਨਾਲ ਹਲਕਾ ਦਿੜਬਾ ਦੇ ਵੱਖ-ਵੱਖ ਪਿੰਡਾਂ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਈ। ਇਹ ਮੁਹਿੰਮ ਪਿੰਡ ਛਾਜਲਾ ਤੋਂ ਸ਼ੁਰੂ ਹੋਈ ਅਤੇ ਹਲਕੇ ਦੇ ਕਈ ਪਿੰਡਾਂ ਵਿੱਚ ਘਰ-ਘਰ ਪਹੁੰਚ ਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ।
ਮੁਹਿੰਮ ਦੌਰਾਨ ਆਗੂਆਂ ਨੇ ਦੋਸ਼ ਲਗਾਇਆ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ, ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ, ਕਿਸਾਨਾਂ ਨੂੰ ਫਸਲਾਂ ਦੀ ਗਾਰੰਟੀਸ਼ੁਦਾ ਐਮਐਸਪੀ ਅਤੇ ਹੋਰ ਲੋਕ-ਹਿਤੈਸ਼ੀ ਐਲਾਨਾਂ ਦੇ ਨਾਂ ’ਤੇ ਲੋਕਾਂ ਤੋਂ ਵੋਟਾਂ ਹਾਸਲ ਕੀਤੀਆਂ ਗਈਆਂ, ਪਰ ਜ਼ਮੀਨੀ ਹਕੀਕਤ ਇਸ ਤੋਂ ਉਲਟ ਨਜ਼ਰ ਆ ਰਹੀ ਹੈ।
ਆਗੂਆਂ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਅਧੂਰੇ ਰਹੇ ਵਾਅਦਿਆਂ ਬਾਰੇ ਜਾਗਰੂਕ ਕਰਨਾ ਇਸ ਮੁਹਿੰਮ ਦਾ ਮੁੱਖ ਮਕਸਦ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਵਿੱਚ ਲੋਕਾਂ ਵੱਲੋਂ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਆਪਣੇ ਮੁੱਦਿਆਂ ਨੂੰ ਖੁੱਲ੍ਹ ਕੇ ਸਾਹਮਣੇ ਰੱਖ ਰਹੇ ਹਨ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਜ਼ਿਲ੍ਹਾ ਜਨਰਲ ਸਕੱਤਰ ਦਲਬਾਰਾ ਸਿੰਘ ਛਾਜਲਾ, ਇਕਾਈ ਪ੍ਰਧਾਨ ਪਾਲ ਸਿੰਘ, ਖ਼ਜ਼ਾਨਚੀ ਗੁਰਮੀਤ ਸਿੰਘ ਸਮੇਤ ਮੈਦੇਵਾਸ, ਮੌਜੋਵਾਲ, ਉਗਰਾਹਾਂ, ਭੈਣੀ ਗੰਢੂਆਂ ਅਤੇ ਹੋਰ ਪਿੰਡਾਂ ਦੇ ਵੱਡੀ ਗਿਣਤੀ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ।
ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਕਮਲ ਠਾਕੁਰ ਨੇ ਕਿਹਾ ਕਿ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਰੁਜ਼ਗਾਰ ਸੰਬੰਧੀ ਮਸਲਿਆਂ ਦੇ ਹੱਲ ਲਈ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਦਾ ਠੋਸ ਹੱਲ ਨਹੀਂ ਕਰਦੀ, ਉਦੋਂ ਤੱਕ ਲੋਕਾਂ ਵਿਚ ਜਾ ਕੇ ਆਪਣੀ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ।
ਇਸ ਮੌਕੇ ਸੂਬਾ ਜਨਰਲ ਸਕੱਤਰ ਸੋਹਣ ਸਿੰਘ ਬਰਨਾਲਾ, ਸੂਬਾ ਖ਼ਜ਼ਾਨਚੀ ਗੁਰਮਖ ਸਿੰਘ ਪਟਿਆਲਾ, ਗੁਰਪ੍ਰੀਤ ਸਿੱਧੂ ਪਟਿਆਲਾ, ਗੁਰਮੁਖ ਸਿੰਘ ਸਿਰਸਾ ਅਤੇ 180 ਈਟੀਟੀ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਹਾਜ਼ਰ ਸਨ।