ਮੋਗਾ : ਪੁਲਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਸ ਨੇ ਅਦਾਕਾਰਾ ਤਾਨੀਆ ਦੇ ਪਿਤਾ ਉੱਤੇ ਫਾਇਰਿੰਗ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੌਰਾਮ ਮੁਲਜ਼ਮਾਂ ਤੋਂ 3 ਪਿਸਤੌਲਾਂ ਤੇ 13 ਕਾਰਤੂਸ ਵੀ ਹਰਾਮਦ ਕੀਤੇ ਗਏ ਹਨ। ਇਸ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਵਿਦੇਸ਼ ਤੋਂ ਲੰਡਾ ਗੈਂਗ ਨੇ ਇਸ ਦੀ ਸਾਜ਼ਿਸ਼ ਰਚੀ ਸੀ ਤੇ ਪੁਲਸ ਨੇ ਇਸ ਮਾਮਲੇ ਵਿਚ ਗੁਰਲਾਲ, ਖੁਸ਼ਪ੍ਰੀਤ ਤੇ ਗੁਰਮਨ ਨਾਂ ਦੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਦੌਰਾਨ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਐਕਸ ਉੱਤੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇੱਕ ਵੱਡੀ ਸਫਲਤਾ ਵਿੱਚ ਮੋਗਾ ਪੁਲਸ ਨੇ ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਕਾਊਂਟਰ ਇੰਟੈਲੀਜੈਂਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕੈਨੇਡਾ-ਅਧਾਰਤ ਗੈਂਗਸਟਰ ਲਖਵੀਰ ਸਿੰਘ ਉਰਫ ਲੰਡਾ ਹਰੀਕੇ ਦੁਆਰਾ ਰਚੀ ਗਈ ਇੱਕ ਟਾਰਗੇਟ ਕਿਲਿੰਗ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਤਿੰਨ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਡਾਕਟਰ ਅਨਿਲਜੀਤ ਕੰਬੋਜ ਨੂੰ ਖਤਮ ਕਰਨ ਲਈ ਲਖਵੀਰ ਸਿੰਘ ਉਰਫ ਲੰਡਾ ਹਰੀਕੇ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਆਪ੍ਰੇਸ਼ਨ ਦੌਰਾਨ, ਪੁਲਸ ਅਤੇ ਮੁਲਜ਼ਮਾਂ ਵਿਚਕਾਰ ਗੋਲੀਬਾਰੀ ਹੋਈ, ਜਿਸ ਵਿੱਚ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਖੁਫੀਆ ਜਾਣਕਾਰੀ ਅਤੇ ਤਕਨੀਕੀ ਜਾਣਕਾਰੀ ਦੇ ਸਮਰਥਨ ਨਾਲ ਟੀਮ ਨੇ ਜਨਤਕ ਸੁਰੱਖਿਆ ਲਈ ਇੱਕ ਗੰਭੀਰ ਖ਼ਤਰੇ ਨੂੰ ਟਾਲਦੇ ਹੋਏ, ਇਸ ਟਾਰਗੇਟ ਕਿਲਿੰਗ ਮਾਡਿਊਲ ਨੂੰ ਸਫਲਤਾਪੂਰਵਕ ਨਸ਼ਟ ਕਰ ਦਿੱਤਾ। ਇਸ ਦੌਰਾਨ 2 ਪਿਸਤੌਲ (.30 ਬੋਰ) 10 ਜ਼ਿੰਦਾ ਕਾਰਤੂਸਾਂ ਦੇ ਨਾਲ, 1 ਪਿਸਤੌਲ (.32 ਬੋਰ) 3 ਜ਼ਿੰਦਾ ਕਾਰਤੂਸਾਂ ਦੇ ਨਾਲ ਅਤੇ 1 ਕਾਰ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਫਤਹਿਗੜ੍ਹ ਪੰਜਤੂਰ ਵਿਖੇ ਇੱਕ ਐੱਫਆਈਆਰ ਦਰਜ ਕੀਤੀ ਗਈ ਹੈ।
ਮਾਡਿਊਲ ਦੇ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਸ ਗੈਂਗਸਟਰਾਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਤੇ ਚੰਗੀ ਤਰ੍ਹਾਂ ਤਾਲਮੇਲ ਵਾਲੇ, ਖੁਫੀਆ ਜਾਣਕਾਰੀ ਦੀ ਅਗਵਾਈ ਵਾਲੇ ਕਾਰਜਾਂ ਰਾਹੀਂ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਦੱਸ ਦਈਏ ਕਿ ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਇਸੇ ਖ਼ਾਂ ਵਿਖੇ ਬੀਤੇ ਦਿਨ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਅਣਪਛਾਤਿਆਂ ਨੇ ਗੋਲ਼ੀਆਂ ਮਾਰ ਦਿੱਤੀਆਂ ਸਨ। ਤਾਨੀਆ ਦੇ ਪਿਤਾ ਡਾਕਟਰ ਅਨਿਲਜੀਤ ਕੰਬੋਜ ਆਪਣੇ ਹਰਬੰਸ ਨਰਸਿੰਗ ਹੋਮ 'ਚ ਬੈਠੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਉਨ੍ਹਾਂ ਉਪਰ ਅੰਨੇਵਾਹ ਫਾਇਰਿੰਗ ਕਰ ਦਿੱਤੀ। ਘਟਨਾ ਮਗਰੋਂ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜਾਣਕਾਰੀ ਸਾਹਮਣੇ ਆਈ ਸੀ ਕਿ ਉਨ੍ਹਾਂ ਨੂੰ ਪਹਿਲਾਂ ਤੋਂ ਧਮਕੀਆਂ ਮਿਲ ਰਹੀਆਂ ਸਨ। ਇਸ ਦੌਰਾਨ ਪੁਲਸ ਨੇ ਦੱਸਿਆ ਸੀ ਕਿ ਹਮਲਾਵਰ ਪਹਿਲਾਂ ਇਲਾਜ ਕਰਵਾਉਣ ਦੇ ਬਹਾਨੇ ਕਲੀਨਿਕ ਵਿਚ ਦਾਖਲ ਹੋਏ ਅਤੇ ਡਾਕਟਰ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡਾਕਟਰ 'ਤੇ ਗੋਲ਼ੀਆਂ ਚਲਾ ਦਿੱਤੀਆਂ।