ਬਰਨਾਲਾ : ਪੰਜਾਬੀ ਗਾਇਕ ਗੁਲਾਬ ਸਿੱਧੂ ਘਰ ਦੇ ਬਾਹਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗਾਇਕ ਦੇ ਬਰਨਾਲਾ ਦੇ ਪਿੰਡ ਫਰਵਾਹੀ ਸਥਿਤ ਘਰ ਦੇ ਬਾਹਰ ਦੇਰ ਰਾਤ 7 ਤੋਂ 8 ਰਾਊਂਡ ਫਾਇਰ ਕੀਤੇ ਗਏ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ 3 ਮੋਟਰਸਾਈਕਲ ਸਵਾਰ ਗੋਲੀਆਂ ਚਲਾ ਕੇ ਫਰਾਰ ਹੁੰਦੇ ਨਜ਼ਰ ਆ ਰਹੇ ਹਨ।
ਫਿਲਹਾਲ ਇਸ ਘਟਨਾ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਸਾਹਮਣੇ ਨਹੀਂ ਆਈ ਹੈ। ਇਹ ਘਟਨਾ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ 1.30 ਵਜੇਂ 2.00 ਵਜੇ ਦਰਮਿਆਨ ਵਾਪਰੀ ਦੱਸੀ ਜਾ ਰਹੀ ਹੈ ਅਤੇ ਜਿਸ ਸਮੇਂ ਇਹ ਫਾਈਰਿੰਗ ਹੋਈ ਗਾਇਕ ਘਰ ਵਿੱਚ ਮੌਜੂਦ ਨਹੀਂ ਸੀ। ਉਥੇ ਹੀ ਸਿੱਧੂ ਦੇ ਘਰ 'ਤੇ ਹੋਈ ਇਸ ਫਾਈਰਿੰਗ ਦੀ ਜ਼ਿੰਮੇਵਾਰੀ ਗੈਂਗਸਟਰ ਡੋਨੀ ਬਲ ਨੇ ਲਈ ਹੈ।
ਘਟਨਾ ਦੀ ਜਾਂਚ ਕਰ ਰਹੇ ਐਸਪੀਡੀ ਸੰਜੀਵ ਗੋਇਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਨ ਲਈ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਅਤੇ ਉਨ੍ਹਾਂ ਦੇ ਮੋਬਾਈਲ ਲੋਕੇਸ਼ਨ ਦਾ ਪਤਾ ਲਗਾਉਣ ਲਈ ਡੰਪ ਡੇਟਾ ਇਕੱਠਾ ਕੀਤਾ ਜਾ ਰਿਹਾ ਹੈ। ਪੁਲਸ ਦੇ ਅਨੁਸਾਰ, ਗੁਲਾਬ ਸਿੱਧੂ ਨੂੰ ਪਹਿਲਾਂ ਵੀ ਧਮਕੀਆਂ ਮਿਲੀਆਂ ਸਨ, ਜਿਸ ਕਾਰਨ ਉਨ੍ਹਾਂ ਨੂੰ 2 ਗੰਨਮੈਨ ਦਿੱਤੇ ਗਏ ਸਨ। ਇਸ ਤੋਂ ਪਹਿਲਾਂ, ਇਨ੍ਹਾਂ ਧਮਕੀਆਂ ਦੇ ਸਬੰਧ ਵਿੱਚ ਕੁੱਝ ਵਿਅਕਤੀ ਗ੍ਰਿਫਤਾਰ ਹੋ ਚੁੱਕੇ ਹਨ ਪਰ ਇਹ ਸਪੱਸ਼ਟ ਨਹੀਂ ਹੈ ਕਿ ਕੀ ਇਹ ਤਾਜ਼ਾ ਘਟਨਾ ਪਿਛਲੇ ਮਾਮਲਿਆਂ ਨਾਲ ਜੁੜੀ ਹੋਈ ਹੈ ਜਾਂ ਨਹੀਂ। ਮੁਲਜ਼ਮਾਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ।