ਖਰੜ (ਪ੍ਰੀਤ ਪੱਤੀ) : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਯੋਗ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਲਗਾਤਾਰ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ।
ਇਸੇ ਲੜੀ ਤਹਿਤ ਸਰਕਾਰੀ ਪਾਲੀਟੈਕਨਿਕ ਕਾਲਜ, ਖੂਨੀ ਮਾਜਰਾ ਵਿਖੇ ਪ੍ਰਿੰਸੀਪਲ ਸ੍ਰੀਮਤੀ ਰਕਸ਼ਾ ਕਿਰਨ ਦੀ ਅਗਵਾਈ ਹੇਠ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 62 ਨਵੇਂ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਅਤੇ ਉਨ੍ਹਾਂ ਦੇ ਫਾਰਮ ਨੰਬਰ-6 ਭਰਵਾਏ ਗਏ।
ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ਿਸ਼ ਸਿੰਘ ਅੰਟਾਲ ਨੇ ਨੌਜਵਾਨਾਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਰੇਕ ਯੋਗ ਨਾਗਰਿਕ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਰਾਹੀਂ ਦੇਸ਼ ਦੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ।
ਕੈਂਪ ਦੇ ਸਫਲ ਆਯੋਜਨ ਵਿੱਚ ਕਾਲਜ ਦੀ ਐਸ ਆਈ ਆਰ-ਕਮ-ਵੋਟਰ ਰਜਿਸਟ੍ਰੇਸ਼ਨ ਨੋਡਲ ਅਫ਼ਸਰ ਦਿਨਸ਼ਾ ਕਟਾਰੀਆ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
ਇਸ ਮੌਕੇ ਪ੍ਰੋ. ਗੁਰਬਖਸ਼ਿਸ਼ ਸਿੰਘ ਅੰਟਾਲ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੰਸਥਾਨਾਂ ਵਿੱਚ ਵੀ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਉਣ ਅਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਵਿਦਿਆਰਥੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਕੋਈ ਵੀ ਯੋਗ ਨੌਜਵਾਨ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿਣ ਦੇਣਾ ਹੈ।