ਸੁਨਾਮ (ਰਮੇਸ਼ ਗਰਗ) : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝਾ ਮੋਰਚਾ ਜਿਲਾ ਸੰਗਰੂਰ ਵੱਲੋਂ ਧਰਨਾ ਲਾਕੇ ਆਮ ਆਦਮੀ ਦੀ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕਰਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ। ਸਾਂਝੇ ਮਜਦੂਰ ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ ਪੱਕੇ ਰੁਜ਼ਗਾਰ ਦੀ ਗਰੰਟੀ, ਚੋਣ ਵਾਅਦਿਆਂ ਅਨੁਸਾਰ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਪੈਨਸ਼ਨਾਂ ਦੀ ਰਾਸ਼ੀ ਚ ਵਾਧਾ ਕਰਨ, ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ 'ਤੇ ਦੇਣ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ,ਜ਼ਮੀਨੀ ਹੱਦਬੰਦੀ ਕਾਨੂੰਨ ਤੋਂ ਵਾਧੂ ਨਿਕਲਦੀਆਂ ਜ਼ਮੀਨਾਂ ਦੀ ਵੰਡ ਬੇਜ਼ਮੀਨੇ ਮਜ਼ਦੂਰਾਂ ਕਿਸਾਨਾਂ ਚ ਕਰਾਉਣ, ਕਰਜ਼ਾ ਮੁਆਫ਼ੀ ਤੇ ਜਥੇਬੰਦ ਹੋ ਕੇ ਸੰਘਰਸ਼ ਕਰਨ ਦੇ ਹੱਕ ਦੀ ਬਹਾਲੀ ਅਤੇ ਲੈਂਡ ਪੂਲਿਗ ਨੀਤੀ ਰਦ ਕਰਵਾਉਣ ਵਰਗੀਆਂ ਆਦਿ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ।
ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ ਭਗਵੰਤ ਮਾਨ ਸਰਕਾਰ ਮਜ਼ਦੂਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਲਾਗੂ ਕਰਨ ਦੀ ਥਾਂ ਲਗਾਤਾਰ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਉਹਨਾਂ ਦੋਸ਼ ਲਾਇਆ ਕਿ ਜਿੱਥੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਰਤ ਕੋਡ ਬਣਾ ਕੇ ਕਿਰਤੀਆਂ ਦੇ ਹੱਕਾਂ 'ਤੇ ਡਾਕਾ ਮਾਰਿਆ ਗਿਆ ਉਥੇ ਭਗਵੰਤ ਮਾਨ ਸਰਕਾਰ ਵੱਲੋਂ ਵੀ ਮਜ਼ਦੂਰਾਂ ਦੀ ਕੰਮ ਦਿਹਾੜੀ ਦੇ ਘੰਟੇ ਵਧਾਕੇ ਮਜ਼ਦੂਰਾਂ ਨਾਲ਼ ਧ੍ਰੋਹ ਕਮਾਇਆ ਗਿਆ। ਉਹਨਾਂ ਦੋਸ਼ ਲਾਇਆ ਕਿ ਆਪ ਸਰਕਾਰ ਸੰਘਰਸ਼ਸ਼ੀਲ ਮਜ਼ਦੂਰਾਂ ਕਿਸਾਨਾਂ 'ਤੇ ਪੁਲਿਸ ਜਬਰ ਤੇਜ਼ ਕਰਨ ਰਾਹੀਂ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕਰ ਰਹੀ ਹੈ। ਅੱਜ ਦੇ ਧਰਨੇ ਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜੋਰਾ ਸਿੰਘ ਨਸਰਾਲੀ,ਗੋਪੀਗਿਰ ਕਲਰਭੈਣੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਸਕੱਤਰ ਲਖਵੀਰ ਸਿੰਘ ਲੌਂਗੋਵਾਲ, ਸੂਬਾ ਆਗੂ ਬਲਵਿੰਦਰ ਸਿੰਘ ਜਲੂਰ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਭੂਪ ਚੰਦ ਚੰਨੋ , ਜੋਗਿੰਦਰ ਸਿੰਘ ਬਧਣ , ਬਲਵਿੰਦਰ ਸਿੰਘ ਘਰਾਗਣਾਂ, ਜ਼ਮੀਨ ਪ੍ਰਾਪਤੀ ਸਘੰਰਸ਼ ਕਮੇਟੀ ਦੇ ਧਰਵੀਰ ਸਿੰਘ ਖੇਤ ਮਜ਼ਦੂਰ ਸਭਾ ਪੰਜਾਬ ਦੇ ਆਗੂ ਨਰੰਜਣ ਸਿੰਘ ਚਨਾਗਰਾ, ਦਿਹਾਤੀ ਮਜ਼ਦੂਰ ਸਭਾ ਦੇ ਨਿਰਮਲ ਸਿੰਘ ਘਰਾਚੋਂ,ਨੇ ਸੰਬੋਧਨ ਕੀਤਾ।
ਇਸ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਬਲਜੀਤ ਸਿੰਘ ਨਮੋਲ, ਜਸਵੀਰ ਕੌਰ ਨੱਤ, ਘਮੰਡ ਸਿੰਘ ਉਗਰਾਹਾਂ ਆਗੂਆਂ ਨੇ ਸਬੋਧਨ ਕੀਤਾ।