ਬਟਾਲਾ : ਅੱਜ ਸਵੇਰੇ 9 ਵਜੇ ਦੇ ਕਰੀਬ ਅੰਮ੍ਰਿਤਸਰ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਪਠਾਨਕੋਟ ਜਾ ਰਹੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਬਟਾਲਾ ਦੇ ਨਜ਼ਦੀਕ ਘਸੀਟਪੁਰ ਵਿਖੇ ਕੁਝ ਵਿਅਕਤੀਆਂ ਵੱਲੋਂ ਆਂਡਿਆਂ ਅਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਰਵਨੀਤ ਬਿੱਟੂ ਵਾਲ-ਵਾਲ ਬਚ ਗਏ ਅਤੇ ਉਨ੍ਹਾਂ ਦੀ ਸਕਿਓਰਿਟੀ ਨੇ ਉਨ੍ਹਾਂ ਨੂੰ ਘਸੀਟਪੁਰ ਦੇ ਇਕ ਘਰ ਵਿਚ ਸੁਰੱਖਿਅਤ ਪਹੁੰਚਾਇਆ। ਉਕਤ ਘਟਨਾਕ੍ਰਮ ਤੋਂ ਬਾਅਦ ਰਵਨੀਤ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਵਰਕਰਾਂ ਉਪਰ ਇਸ ਹਮਲੇ ਦੇ ਕਥਿਤ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਸਬੰਧ ਵਿਚ ਅੰਡੇ ਤੇ ਪੱਥਰ ਸੁੱਟਣ ਵਾਲੇ ਆਮ ਆਦਮੀ ਪਾਰਟੀ ਦੇ ਦੋ ਵਰਕਰਾਂ ਨੂੰ ਕਾਬੂ ਵੀ ਕੀਤਾ ਹੈ ਅਤੇ ਉਨ੍ਹਾਂ ਨੂੰ ਉਹ ਪੁਲਸ ਦੇ ਹਵਾਲੇ ਕਰਨਗੇ।
ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਫੋਨ 'ਤੇ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਸਾਰੀ ਤਾਜ਼ਾ ਸਥਿਤੀ ਬਾਰੇ ਜਾਣੂ ਕਰਾਇਆ ਹੈ। ਉਨ੍ਹਾਂ ਕਿਹਾ ਕਿ ਜਿਸ ਘਰ ਵਿਚ ਉਹ ਇਸ ਵੇਲੇ ਹਨ ਉਸ ਦੇ ਬਾਹਰ ਵੀ ਆਮ ਆਦਮੀ ਪਾਰਟੀ ਦੇ ਸੈਂਕੜੇ ਵਰਕਰ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਕਿਸੇ ਤੋਂ ਨਹੀਂ ਡਰਦੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨਾਲ ਵੀ ਗੱਲ ਕੀਤੀ ਹੈ ਪਰ ਅਜੇ ਤੱਕ ਐੱਸਐੱਸਪੀ ਬਟਾਲਾ ਉਨ੍ਹਾਂ ਤੱਕ ਨਹੀਂ ਪਹੁੰਚੇ । ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਜਾਨ ਮਾਲ ਦਾ ਕੋਈ ਨੁਕਸਾਨ ਹੁੰਦਾ ਹੈ ਉਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਡੀਜੀਪੀ ਗੌਰਵ ਯਾਦਵ ਦੀ ਹੋਵੇਗੀ।