ਕੁਰਾਲੀ (ਐੱਸ.ਏ.ਐੱਸ. ਨਗਰ): ਪ੍ਰੀਤ ਪੱਤੀ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਕੁਰਾਲੀ ਵਿਖੇ ਕਮਿਊਨਿਟੀ ਸਿਹਤ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਡਾ. ਜੈਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਕੁੱਝ ਥਾਈਂ ਸਾਫ਼ ਸਫ਼ਾਈ ਦੀ ਘਾਟ ਦਾ ਨੋਟਿਸ ਲਿਆ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਹਸਪਤਾਲ ਨੂੰ ਸਾਫ਼ ਸੁਥਰਾ ਰੱਖਣ ਲਈ ਲੋੜੀਦੇ ਪ੍ਰਬੰਧ ਕੀਤੇ ਜਾਣ ਅਤੇ ਜਿਹੜੀ ਵੀ ਹੋਰ ਕਮੀ-ਪੇਸ਼ੀ ਹੈ, ਉਸ ਨੂੰ ਦੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਆਪਣੇ ਪੱਧਰ 'ਤੇ ਵੀ ਹਸਪਤਾਲ ਦੀ ਬੇਹਤਰੀ ਲਈ ਯਤਨ ਕਰ ਰਹੇ ਹਨ। ਡਾ. ਜੈਨ ਨੇ ਕਿਹਾ ਕਿ ਸਿਹਤ ਵਿਭਾਗ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਵਚਨਬੱਧ ਹੈ। ਕਿਸੇ ਵੀ ਹਸਪਤਾਲ ਵਿਚਲਾ ਸਾਫ਼ ਸੁਥਰਾ ਮਾਹੌਲ ਮਰੀਜ਼ ਦੀ ਸਿਹਤਯਾਬੀ ਲਈ ਅਹਿਮ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਇਹ ਹਸਪਤਾਲ ਸ਼ਹਿਰ ਅਤੇ ਆਲੇ-ਦੁਆਲੇ ਦੀ ਕਾਫ਼ੀ ਆਬਾਦੀ ਦੀਆਂ ਸਿਹਤ ਲੋੜਾਂ ਨੂੰ ਪੂਰਾ ਕਰਦਾ ਹੈ, ਇਸ ਲਈ ਇਥੇ ਲੋਕਾਂ ਨੂੰ ਮਿਆਰੀ ਤੇ ਉੱਚ-ਪੱਧਰ ਦੀਆਂ ਸਹੂਲਤਾਂ ਦੇਣਾ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਹੈ। ਡਾ. ਜੈਨ ਨੇ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਬਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ ਜਾਂਚ ਕੀਤੀ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾਕਟਰ ਦੁਆਰਾ ਲਿਖੀ ਹਰ ਜ਼ਰੂਰੀ ਦਵਾਈ ਹਸਪਤਾਲ ਦੇ ਅੰਦਰ ਹੀ ਮਿਲਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਦਿਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿਚ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਹਾਜ਼ਰੀ ਰਜਿਸਟਰ ਵੀ ਚੈੱਕ ਕੀਤੇ ਅਤੇ ਹਦਾਇਤ ਕੀਤੀ ਕਿ ਦਫ਼ਤਰ ਆਉਣ ਅਤੇ ਜਾਣ ਦੇ ਨਿਰਧਾਰਤ ਸਮੇਂ ’ਚ ਹਾਜ਼ਰੀ ਯਕੀਨੀ ਬਣਾਈ ਜਾਵੇ। ਹਸਪਤਾਲ ਦੇ ਐਸ.ਐਮ.ਓ. ਡਾ. ਅਮਿਤ ਕੁਮਾਰ ਨੇ ਸਿਵਲ ਸਰਜਨ ਨੂੰ ਭਰੋਸਾ ਦਿਤਾ ਕਿ ਉਹ ਹਸਪਤਾਲ ਦੀ ਸਾਫ਼-ਸਫ਼ਾਈ ਅਤੇ ਹੋਰ ਕਮੀਆਂ ਦੂਰ ਕਰਨ ਲਈ ਲੋੜੀਂਦੇ ਇੰਤਜ਼ਾਮ ਕਰਨਗੇ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਡਾ. ਦਵਿੰਦਰ ਗੁਪਤਾ ਅਤੇ ਡਾ. ਸਾਹਿਲ ਕਾਲੀਆ ਵੀ ਮੌਜੂਦ ਸਨ।