ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਗੁਣਵੱਤਾਪੂਰਨ, ਸਮੇਂ ਸਿਰ ਅਤੇ ਨਿਰਵਿਘਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਤਹਿਤ ਬਲਜੀਤ ਕੌਰ ਨੂੰ ਸਿਹਤ ਬਲਾਕ ਸੁੱਜੋਂ ਅਧੀਨ ਆਮ ਆਦਮੀ ਕਲੀਨੀਕਲ, ਸੰਧਵਾਂ ਫਰਾਲਾ ਵਿਖੇ ਕਲੀਨੀਕਲ ਅਸਿਸਟੈਂਟ ਵਜੋਂ ਐਮਪੈਨਲ ਕੀਤਾ ਗਿਆ ਹੈ।
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਆਸਾਨ, ਸੁਚਾਰੂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਲੀਨਿਕ ਵਿੱਚ ਮਰੀਜ਼ਾਂ ਨੂੰ ਹੋਰ ਸੁਚਾਰੂ, ਤੇਜ਼ ਅਤੇ ਬਿਹਤਰ ਸਿਹਤ ਸੇਵਾਵਾਂ ਉਪਲੱਬਧ ਹੋਣਗੀਆਂ।
ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਸੇਵਾਵਾਂ ਦੀ ਗੁਣਵੱਤਾ ਵਿੱਚ ਨਿਰੰਤਰ ਸੁਧਾਰ ਲਿਆਉਣ ਲਈ ਵਚਨਬੱਧ ਹੈ ਅਤੇ ਆਮ ਆਦਮੀ ਕਲੀਨਿਕਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਲੋੜੀਂਦੇ ਕਦਮ ਲਗਾਤਾਰ ਚੁੱਕੇ ਜਾ ਰਹੇ ਹਨ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਯੋਗ ਮਨੁੱਖੀ ਸਰੋਤਾਂ ਦੀ ਉਪਲੱਬਧਤਾ ਨਾਲ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਹੋਰ ਪ੍ਰਭਾਵਸ਼ਾਲੀ, ਲੋਕ-ਕੇਂਦਰਿਤ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮਿਲਣਗੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ ਬਲਜੀਤ ਕਮਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਤੇ ਈਪੀਆਈ ਅਸਿਸਟੈਂਟ ਸੁਸ਼ੀਲ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।