ਨਵਾਂਸ਼ਹਿਰ (ਮਨੋਰੰਜਨ ਕਾਲੀਆ ) :ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਇਸੇ ਉਦੇਸ਼ ਨਾਲ ਸੋਮਵਾਰ ਨੂੰ ਕਮਿਊਨਿਟੀ ਹੈਲਥ ਸੈਂਟਰ, ਬੰਗਾ ਦਾ ਦੌਰਾ ਕਰਕੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਜੱਚਾ ਬੱਚਾ ਵਾਰਡ, ਐਮਰਜੈਂਸੀ ਵਾਰਡ, ਡਾਇਲਸਿਸ ਸੈਂਟਰ ਤੇ ਓਟ ਸੈਂਟਰ ਸਮੇਤ ਓ.ਪੀ.ਡੀ., ਆਈ.ਪੀ.ਡੀ. ਵਿਖੇ ਸਮੁੱਚੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿੱਚ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਤੇ ਸਾਫ-ਸਫਾਈ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਹਸਪਤਾਲ ਦੇ ਅਧਿਕਾਰੀਆਂ ਨਾਲ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਚਾਰ ਵਟਾਂਦਰਾ ਕਰਦੇ ਹੋਏ ਜ਼ਰੂਰੀ ਸੁਝਾਅ ਦਿੱਤੇ ਤਾਂ ਜੋ ਕਿਸੇ ਵੀ ਮਰੀਜ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਮੇਂ-ਸਮੇਂ ’ਤੇ ਸਪੋਰਟਿਵ ਸੁਪਰਵੀਜ਼ਨ ਕੀਤੀ ਜਾਂਦੀ ਹੈ। ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਆਮ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।