ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਵਿਸ਼ਵ ਗਠੀਆ ਦਿਵਸ ਮੌਕੇ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਅਮਨ ਸੂਦ ਨੇ ਸੋਮਵਾਰ ਨੂੰ ਜ਼ਿਲ੍ਹੇ ਦੇ ਲੋਕਾਂ ਨੂੰ ਜੋੜਾਂ ਦੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਗਠੀਏ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ ਦਾ ਸੱਦਾ ਦਿੱਤਾ ਹੈ। ਇਸ ਸਾਲ ਵਿਸ਼ਵ ਗਠੀਆ ਦਿਵਸ 2026 ਦਾ ਮੁੱਖ ਥੀਮ “ਆਪਣੇ ਸੁਪਨਿਆਂ ਨੂੰ ਸਾਕਾਰ ਕਰੋ” ਹੈ। ਇਸ ਦਾ ਉਦੇਸ਼ ਗਠੀਏ ਅਤੇ ਮਾਸਪੇਸ਼ੀਆਂ, ਹੱਡੀਆਂ ਤੇ ਜੋੜਾਂ ਨਾਲ ਸਬੰਧਤ ਰੋਗਾਂ ਤੋਂ ਪੀੜਤ ਲੋਕਾਂ ਦੇ ਟੀਚਿਆਂ, ਸੁਪਨਿਆਂ ਅਤੇ ਇੱਛਾਵਾਂ ਨੂੰ ਉਜਾਗਰ ਕਰਨਾ ਹੈ। ਇਸ ਦੇ ਨਾਲ ਹੀ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ, ਸਹੀ ਇਲਾਜ ਅਤੇ ਬਿਹਤਰ ਸਿਹਤ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣਾ ਵੀ ਇਸ ਮੁਹਿੰਮ ਦਾ ਅਹਿਮ ਉਦੇਸ਼ ਹੈ, ਤਾਂ ਜੋ ਪ੍ਰਭਾਵਿਤ ਵਿਅਕਤੀ ਆਪਣੀ ਸਿਹਤ ਦਾ ਢੁੱਕਵਾਂ ਪ੍ਰਬੰਧ ਕਰਦੇ ਹੋਏ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਵੱਲ ਅੱਗੇ ਵਧ ਸਕਣ।
ਉਨ੍ਹਾਂ ਕਿਹਾ ਕਿ ਜੋੜਾਂ ਵਿੱਚ ਲਗਾਤਾਰ ਦਰਦ, ਸੋਜ, ਅਕੜਾਅ ਜਾਂ ਹਿਲਜੁਲ ਕਰਨ ਵਿੱਚ ਮੁਸ਼ਕਲ ਹੋਣ ਦੀ ਸਥਿਤੀ ਵਿੱਚ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ, ਤਾਂ ਜੋ ਸਮੱਸਿਆ ਦੀ ਸਮੇਂ ਸਿਰ ਪਛਾਣ ਕਰਕੇ ਢੁੱਕਵਾਂ ਇਲਾਜ ਕੀਤਾ ਜਾ ਸਕੇ।
ਡਾ. ਅਮਨ ਸੂਦ ਨੇ ਦੱਸਿਆ ਕਿ ਗਠੀਆ ਇੱਕ ਅਜਿਹੀ ਸਿਹਤ ਸਮੱਸਿਆ ਹੈ ਜੋ ਜੋੜਾਂ ਵਿੱਚ ਦਰਦ, ਸੋਜ ਅਤੇ ਅਕੜਾਅ ਦਾ ਕਾਰਨ ਬਣ ਸਕਦੀ ਹੈ। ਇਸ ਦੀਆਂ ਵੱਖ-ਵੱਖ ਕਿਸਮਾਂ ਹੁੰਦੀਆਂ ਹਨ ਅਤੇ ਇਸ ਦੇ ਲੱਛਣ ਹਰ ਵਿਅਕਤੀ ਵਿੱਚ ਵੱਖਰੇ ਹੋ ਸਕਦੇ ਹਨ। ਇਸ ਲਈ ਲਗਾਤਾਰ ਦਰਦ ਜਾਂ ਹੋਰ ਲੱਛਣਾਂ ਦੀ ਸਥਿਤੀ ਵਿੱਚ ਆਪਣੀ ਮਰਜ਼ੀ ਨਾਲ ਦਵਾਈਆਂ ਲੈਣ ਦੀ ਬਜਾਏ ਯੋਗ ਡਾਕਟਰ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨਸ਼ੈਲੀ ਜੋੜਾਂ ਦੀ ਸਿਹਤ ਬਣਾਈ ਰੱਖਣ ਵਿੱਚ ਮਦਦਗਾਰ ਹੋ ਸਕਦੀ ਹੈ। ਸੰਤੁਲਿਤ ਖੁਰਾਕ ਲੈਣਾ, ਸਰੀਰਕ ਸਮਰੱਥਾ ਅਨੁਸਾਰ ਨਿਯਮਤ ਕਸਰਤ ਕਰਨਾ, ਸਰੀਰ ਦਾ ਢੁੱਕਵਾਂ ਵਜ਼ਨ ਬਣਾਈ ਰੱਖਣਾ ਅਤੇ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਮਹੱਤਵਪੂਰਨ ਹੈ। ਜਿਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਗਠੀਏ ਦੀ ਸਮੱਸਿਆ ਹੈ, ਉਨ੍ਹਾਂ ਨੂੰ ਡਾਕਟਰ ਵੱਲੋਂ ਦੱਸੇ ਇਲਾਜ ਅਤੇ ਕਸਰਤ ਸਬੰਧੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਉਨ੍ਹਾਂ ਨੇ ਬਜ਼ੁਰਗਾਂ ਅਤੇ ਲਗਾਤਾਰ ਜੋੜਾਂ ਦੇ ਦਰਦ ਤੋਂ ਪੀੜਤ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਪ੍ਰਤੀ ਲਾਪਰਵਾਹੀ ਨਾ ਵਰਤਣ। ਸਮੇਂ ਸਿਰ ਜਾਂਚ ਅਤੇ ਸਹੀ ਇਲਾਜ ਨਾਲ ਮਰੀਜ਼ਾਂ ਨੂੰ ਦਰਦ ਘਟਾਉਣ ਅਤੇ ਰੋਜ਼ਾਨਾ ਦੇ ਕੰਮ ਕਰਨ ਦੀ ਸਮਰੱਥਾ ਬਣਾਈ ਰੱਖਣ ਵਿੱਚ ਮਦਦ ਮਿਲ ਸਕਦੀ ਹੈ।
ਅੰਤ ਵਿੱਚ ਸਿਵਲ ਸਰਜਨ ਡਾ. ਅਮਨ ਸੂਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜੋੜਾਂ ਦੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਲੋੜ ਪੈਣ ’ਤੇ ਨੇੜਲੇ ਸਰਕਾਰੀ ਸਿਹਤ ਕੇਂਦਰ ਤੋਂ ਡਾਕਟਰੀ ਸਲਾਹ ਲੈਣ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਬਿਮਾਰੀ ਦੇ ਲੱਛਣਾਂ ਦੀ ਸਮੇਂ ਸਿਰ ਪਛਾਣ ਕਰਨ ਨਾਲ ਸਿਹਤਮੰਦ ਜੀਵਨ ਬਤੀਤ ਕਰਨ ਵਿੱਚ ਮਦਦ ਮਿਲ ਸਕਦੀ ਹੈ।