ਬੈਂਗਲੁਰੂ : ਕਰਨਾਟਕ ਦੀ ਸਿਆਸਤ ਵਿਚ ਉਸ ਵੇਲੇ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ, ਜਦੋਂ ਬੀਤੇ ਦਿਨ ਕਾਂਗਰਸ ਆਗੂ ਸਿੱਧਰਮਈਆ ਨੇ ਕਾਂਗਰਸ ਹਾਈਕਮਾਂਡ ਵੱਲੋਂ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਲੋਕ ਭਵਨ ਵਿਚ ਰਾਜਪਾਲ ਦੇ ਵਿਸ਼ੇਸ਼ ਸਕੱਤਰ ਨੂੰ ਆਪਣਾ ਅਸਤੀਫ਼ਾ ਸੌਂਪਣ ਤੋਂ ਤੁਰੰਤ ਬਾਅਦ ਉਪ-ਮੁੱਖ ਮੰਤਰੀ ਅਤੇ ਆਪਣੇ ਉੱਤਰਾਧਿਕਾਰੀ ਡੀ. ਕੇ. ਸ਼ਿਵਕੁਮਾਰ ਨਾਲ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਰਾਜਪਾਲ ਥਾਵਰਚੰਦ ਗਹਿਲੋਤ ਨੇ ਸਿੱਧਰਮਈਆ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ।
ਰਾਜਪਾਲ ਨੇ ਨੋਟੀਫਿਕੇਸ਼ਨ ਵਿੱਚ ਕਿਹਾ, "ਭਾਰਤ ਦੇ ਸੰਵਿਧਾਨ ਦੀ ਧਾਰਾ 164(1) ਦੇ ਤਹਿਤ ਮੈਨੂੰ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੈਂ ਕਰਨਾਟਕ ਦe ਰਾਜਪਾਲ ਥਾਵਰਚੰਦ ਗਹਿਲੋਤ ਰਾਜ ਦੇ ਮੁੱਖ ਮੰਤਰੀ ਸਿੱਧਰਮਈਆ ਦਾ ਅਸਤੀਫਾ ਸਵੀਕਾਰ ਕਰਦਾ ਹਾਂ ਅਤੇ ਇਸ ਤਰ੍ਹਾਂ ਉਨ੍ਹਾਂ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰਦਾ ਹਾਂ।" ਉਨ੍ਹਾਂ ਕਿਹਾ ਕਿ ਸਿਧਾਰਮਈਆ ਮੁੱਖ ਮੰਤਰੀ ਵਜੋਂ ਸੇਵਾ ਨਿਭਾਉਂਦੇ ਰਹਿਣਗੇ ਜਦੋਂ ਤੱਕ ਬਦਲਵੇਂ ਪ੍ਰਬੰਧ ਨਹੀਂ ਕੀਤੇ ਜਾਂਦੇ। ਸਿੱਧਰਮਈਆ ਅਤੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਸੱਤਾ ਦੇ ਤਬਾਦਲੇ ਅਤੇ ਨਵੇਂ ਮੰਤਰੀ ਮੰਡਲ ਦੇ ਗਠਨ ਬਾਰੇ ਚਰਚਾ ਕਰਨ ਲਈ ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਕਰਨ ਲਈ ਦਿੱਲੀ ਵਿੱਚ ਹਨ।
ਮਈ 2023 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਲਈ ਸਿੱਧਰਮਈਆ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਸ਼ਿਵਕੁਮਾਰ ਵਿਚਾਲੇ ਸਖ਼ਤ ਮੁਕਾਬਲਾ ਸੀ। ਪਾਰਟੀ ਨੇ ਬਾਅਦ ਵਿਚ ਸ਼ਿਵਕੁਮਾਰ ਨੂੰ (ਮੁੱਖ ਮੰਤਰੀ ਦਾ ਅਹੁਦਾ ਛੱਡਣ ਲਈ) ਮਨਾ ਲਿਆ ਅਤੇ ਉਨ੍ਹਾਂ ਨੂੰ ਉਪ-ਮੁੱਖ ਮੰਤਰੀ ਬਣਾ ਦਿੱਤਾ। ਉਸ ਸਮੇਂ ਅਜਿਹੀਆਂ ਖ਼ਬਰਾਂ ਆਈਆਂ ਸਨ ਕਿ ‘ਵਾਰੀ-ਵਾਰੀ ਮੁੱਖ ਮੰਤਰੀ ਬਣਨ ਦੇ ਫਾਰਮੂਲੇ’ ’ਤੇ ਸਹਿਮਤੀ ਬਣੀ ਹੈ, ਜਿਸ ਤਹਿਤ ਸ਼ਿਵਕੁਮਾਰ ਢਾਈ ਸਾਲ ਬਾਅਦ ਮੁੱਖ ਮੰਤਰੀ ਬਣਨਗੇ। ਅਸਤੀਫ਼ਾ ਦੇਣ ਤੋਂ ਪਹਿਲਾਂ ਸਿੱਧਰਮਈਆ ਨੇ ਆਪਣੀ ਸਰਕਾਰੀ ਰਿਹਾਇਸ਼ ’ਤੇ ਕੈਬਨਿਟ ਸਹਿਯੋਗੀਆਂ ਲਈ ਰੱਖੇ ਗਏ ਖਾਣੇ ਦੌਰਾਨ ਮੰਤਰੀਆਂ ਨੂੰ ਅਹੁਦਾ ਛੱਡਣ ਦੇ ਆਪਣੇ ਫੈਸਲੇ ਤੋਂ ਜਾਣੂ ਕਰਵਾਇਆ
ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਹਾਈਕਮਾਂਡ ਦੇ ਨਿਰਦੇਸ਼ਾਂ ਮੁਤਾਬਕ ਉਪ-ਮੁੱਖ ਮੰਤਰੀ ਡੀ. ਕੇ. ਸ਼ਿਵਕੁਮਾਰ ਅਗਲੇ ਮੁੱਖ ਮੰਤਰੀ ਹੋਣਗੇ। ਮੁੱਖ ਮੰਤਰੀ ਦਫ਼ਤਰ ਵੱਲੋਂ ਇਸ ਮੀਟਿੰਗ ਦੀ ਤਸਵੀਰ ਸਾਂਝੀ ਕੀਤੀ ਗਈ ਹੈ, ਜਿਸ ਵਿਚ ਸਿੱਧਰਮਈਆ ਭਾਵੁਕ ਹੋਏ ਸ਼ਿਵਕੁਮਾਰ ਨੂੰ ਗਲੇ ਲਗਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇੱਕ ਹੋਰ ਤਸਵੀਰ ਵਿਚ ਸ਼ਿਵਕੁਮਾਰ ਸਿੱਧਰਮਈਆ ਦੇ ਪੈਰੀਂ ਹੱਥ ਲਾ ਕੇ ਉਨ੍ਹਾਂ ਦਾ ਆਸ਼ੀਰਵਾਦ ਲੈਂਦੇ ਨਜ਼ਰ ਆ ਰਹੇ ਹਨ।
ਸਿੱਧਰਮਈਆ ਨੇ ਰਾਜ ਸਭਾ ਸੀਟ ਦੀ ਪੇਸ਼ਕਸ਼ ਠੁਕਰਾਈ
ਸਿੱਧਰਮਈਆ ਨੇ ਕਿਹਾ ਕਿ ਕਾਂਗਰਸ ਦੀ ਲੀਡਰਸ਼ਿਪ ਨੇ ਮੈਨੂੰ ਰਾਜ ਸਭਾ ਸੀਟ ਦੀ ਪੇਸ਼ਕਸ਼ ਕੀਤੀ ਸੀ, ਪਰ ਮੈਂ ਨਿਮਰਤਾ ਨਾਲ ਇਸ ਨੂੰ ਅਸਵੀਕਾਰ ਕਰ ਦਿੱਤਾ ਕਿਉਂਕਿ ਮੈਨੂੰ ਰਾਸ਼ਟਰੀ ਰਾਜਨੀਤੀ ਵਿਚ ਕੋਈ ਦਿਲਚਸਪੀ ਨਹੀਂ ਹੈ। ਸਿੱਧਰਮਈਆ ਨੇ ਉਨ੍ਹਾਂ ਨੂੰ ਦੋ ਵਾਰ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਕਾਂਗਰਸ ਲੀਡਰਸ਼ਿਪ—ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ।