ਬਠਿੰਡਾ : ਪੰਜਾਬ ਦੀ ਸਿਆਸਤ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਗਠਜੋੜ ਹੋਣ ਦੀਆਂ ਚਰਚਾਵਾਂ ਨੇ ਇੱਕ ਵਾਰ ਫਿਰ ਜ਼ੋਰ ਫੜ੍ਹ ਲਿਆ ਹੈ। ਇਸੇ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਜ਼ਿਲ੍ਹੇ ਦੇ ਧਾਰਮਿਕ ਅਤੇ ਸਿਆਸੀ ਪੱਖੋਂ ਮਹੱਤਵਪੂਰਨ ਹਲਕੇ ਤਲਵੰਡੀ ਸਾਬੋ 'ਚ ਪ੍ਰਸਤਾਵਿਤ ਆਪਣੀ ਬੱਸ ਯਾਤਰਾ ਦੂਜੀ ਵਾਰ ਰੱਦ ਕਰ ਦਿੱਤੀ ਹੈ। ਪਹਿਲਾਂ 10 ਨਵੰਬਰ ਨੂੰ ਤੈਅ ਕੀਤਾ ਗਿਆ ਇਹ ਪ੍ਰੋਗਰਾਮ 16 ਨਵੰਬਰ ਲਈ ਮੁਲਤਵੀ ਕੀਤਾ ਗਿਆ ਸੀ, ਪਰ ਹੁਣ ਇਸ ਨੂੰ ਮੁੜ ਰੱਦ ਕਰ ਦਿੱਤਾ ਗਿਆ ਹੈ। ਫਿਲਹਾਲ ਪਾਰਟੀ ਵੱਲੋਂ ਪ੍ਰੋਗਰਾਮ ਦੀ ਕੋਈ ਨਵੀਂ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ। ਸੁਖਬੀਰ ਬਾਦਲ ਦੀ ਬੱਸ ਯਾਤਰਾ ਰੱਦ ਹੋਣ ਦਾ ਇਹ ਘਟਨਾਕ੍ਰਮ ਅਜਿਹੇ ਸਮੇਂ ਸਾਹਮਣੇ ਆਇਆ ਹੈ, ਜਦੋਂ ਪੰਜਾਬ ਦੇ ਸਿਆਸੀ ਗਲਿਆਰਿਆਂ 'ਚ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗਠਜੋੜ ਨੂੰ ਲੈ ਕੇ ਗੱਲਬਾਤ ਦੀਆਂ ਚਰਚਾਵਾਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਸਿਆਸੀ ਹਲਕਿਆਂ 'ਚ ਇਹ ਵੀ ਚਰਚਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਤੇ 22 ਨਵੰਬਰ ਨੂੰ ਬਠਿੰਡਾ ਪਹੁੰਚ ਸਕਦੇ ਹਨ। ਉਨ੍ਹਾਂ ਦੇ ਸੰਭਾਵਿਤ ਦੌਰੇ ਨੂੰ ਲੈ ਕੇ ਵੀ ਕਈ ਤਰ੍ਹਾਂ ਦੇ ਸਿਆਸੀ ਕਿਆਸ ਲਗਾਏ ਜਾ ਰਹੇ ਹਨ। ਚਰਚਾ ਹੈ ਕਿ ਇਸ ਦੌਰੇ ਦੌਰਾਨ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਗਠਜੋੜ ਬਾਰੇ ਕੋਈ ਵੱਡਾ ਐਲਾਨ ਹੋ ਸਕਦਾ ਹੈ। ਹਾਲਾਂਕਿ ਪ੍ਰਧਾਨ ਮੰਤਰੀ ਦੇ ਦੌਰੇ ਅਤੇ ਗਠਜੋੜ ਦੇ ਰਸਮੀ ਐਲਾਨ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਪ੍ਰੋਗਰਾਮ ਮੁਲਤਵੀ ਹੋਣ ਨਾਲ ਸਿਆਸੀ ਚਰਚਾਵਾਂ ਤੇਜ਼
ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' ਤਹਿਤ ਤਲਵੰਡੀ ਸਾਬੋ 'ਚ ਇਹ ਪ੍ਰੋਗਰਾਮ ਕਰਵਾਇਆ ਜਾਣਾ ਸੀ। ਪਾਰਟੀ ਦੇ ਇੱਕ ਸੀਨੀਅਰ ਆਗੂ ਅਨੁਸਾਰ ਪ੍ਰੋਗਰਾਮ ਰੱਦ ਹੋਣ ਦਾ ਸਬੰਧ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਚੱਲ ਰਹੀ ਗਠਜੋੜ ਸਬੰਧੀ ਗੱਲਬਾਤ ਨਾਲ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਦੋਵਾਂ ਪਾਰਟੀਆਂ ਵਿਚਕਾਰ ਗੱਲਬਾਤ ਪੂਰੀ ਹੋਣ ਤੋਂ ਬਾਅਦ ਹੀ ਯਾਤਰਾ ਲਈ ਨਵੀਂ ਤਾਰੀਖ਼ ਤੈਅ ਕੀਤੀ ਜਾ ਸਕਦੀ ਹੈ। ਤਲਵੰਡੀ ਸਾਬੋ ਹਲਕੇ ਦੇ ਅਕਾਲੀ ਦਲ ਇੰਚਾਰਜ ਰਵਿਪ੍ਰੀਤ ਸਿੰਘ ਸਿੱਧੂ ਨੇ ਵੀ ਪ੍ਰੋਗਰਾਮ ਦੋ ਵਾਰ ਰੱਦ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਪ੍ਰੋਗਰਾਮ 10 ਨਵੰਬਰ ਨੂੰ ਹੋਣਾ ਸੀ, ਜਿਸ ਨੂੰ ਬਾਅਦ 'ਚ 16 ਨਵੰਬਰ ਲਈ ਤੈਅ ਕੀਤਾ ਗਿਆ ਸੀ ਪਰ ਹੁਣ ਇਸ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਫਿਲਹਾਲ ਪਾਰਟੀ ਹਾਈਕਮਾਨ ਵੱਲੋਂ ਨਵੀਂ ਤਾਰੀਖ਼ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਹਾਲਾਂਕਿ ਉਨ੍ਹਾਂ ਨੇ ਪ੍ਰੋਗਰਾਮ ਰੱਦ ਹੋਣ ਦੇ ਕਾਰਨਾਂ ਬਾਰੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਮੋਦੀ ਦੇ ਸੰਭਾਵਿਤ ਦੌਰੇ 'ਤੇ ਟਿਕੀਆਂ ਨਜ਼ਰਾਂ
ਪੰਜਾਬ 'ਚ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗਠਜੋੜ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸਿਆਸੀ ਚਰਚਾਵਾਂ ਚੱਲ ਰਹੀਆਂ ਹਨ। ਦੋਵੇਂ ਪਾਰਟੀਆਂ ਪਹਿਲਾਂ ਵੀ ਕਈ ਸਾਲਾਂ ਤੱਕ ਗਠਜੋੜ 'ਚ ਰਹਿ ਚੁੱਕੀਆਂ ਹਨ ਪਰ ਖੇਤੀ ਕਾਨੂੰਨਾਂ ਨੂੰ ਲੈ ਕੇ ਸਾਲ 2020 'ਚ ਅਕਾਲੀ ਦਲ ਨੇ ਭਾਜਪਾ ਨਾਲੋਂ ਆਪਣਾ ਸਿਆਸੀ ਰਿਸ਼ਤਾ ਤੋੜ ਲਿਆ ਸੀ। ਇਸ ਤੋਂ ਬਾਅਦ ਦੋਵੇਂ ਪਾਰਟੀਆਂ ਵੱਖ-ਵੱਖ ਸਿਆਸੀ ਰਾਹਾਂ 'ਤੇ ਚੱਲ ਰਹੀਆਂ ਹਨ। ਹੁਣ ਬਦਲਦੇ ਸਿਆਸੀ ਹਾਲਾਤ ਦਰਮਿਆਨ ਦੋਵਾਂ ਪਾਰਟੀਆਂ ਦੇ ਮੁੜ ਨੇੜੇ ਆਉਣ ਦੀਆਂ ਚਰਚਾਵਾਂ ਨੇ ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 21-22 ਨਵੰਬਰ ਦੇ ਸੰਭਾਵਿਤ ਬਠਿੰਡਾ ਦੌਰੇ ਨੂੰ ਵੀ ਇਸੇ ਸਿਆਸੀ ਘਟਨਾਕ੍ਰਮ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਜੇਕਰ ਗਠਜੋੜ ਸਬੰਧੀ ਕੋਈ ਫ਼ੈਸਲਾ ਹੁੰਦਾ ਹੈ ਤਾਂ ਇਸ ਦਾ ਆਉਣ ਵਾਲੇ ਸਮੇਂ 'ਚ ਪੰਜਾਬ ਦੀ ਸਿਆਸੀ ਰਣਨੀਤੀ ਅਤੇ ਚੋਣ ਸਮੀਕਰਨਾਂ 'ਤੇ ਅਸਰ ਪੈ ਸਕਦਾ ਹੈ।
ਧਾਰਮਿਕ ਅਤੇ ਸਿਆਸੀ ਪੱਖੋਂ ਅਹਿਮ ਹੈ ਤਲਵੰਡੀ ਸਾਬੋ
ਤਲਵੰਡੀ ਸਾਬੋ ਦਾ ਪੰਜਾਬ ਦੀ ਸਿਆਸਤ 'ਚ ਵਿਸ਼ੇਸ਼ ਮਹੱਤਵ ਹੈ। ਇਹ ਸਿੱਖ ਧਰਮ ਦੇ ਪੰਜ ਤਖ਼ਤਾਂ 'ਚ ਸ਼ਾਮਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਹੈ। ਸਿਆਸੀ ਪੱਖੋਂ ਵੀ ਇਹ ਵਿਧਾਨ ਸਭਾ ਹਲਕਾ ਬਠਿੰਡਾ ਲੋਕ ਸਭਾ ਹਲਕੇ ਦਾ ਹਿੱਸਾ ਹੈ। ਬਠਿੰਡਾ ਲੋਕ ਸਭਾ ਸੀਟ ਤੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਲਗਾਤਾਰ ਚੌਥੀ ਵਾਰ ਸੰਸਦ ਮੈਂਬਰ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਕੁੱਝ ਦਿਨ ਪਹਿਲਾਂ 13 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਪਾਰਟੀ 'ਚ ਸ਼ਾਮਲ ਹੋਣ ਸਬੰਧੀ ਪ੍ਰੋਗਰਾਮ ਵੀ ਸੁਖਬੀਰ ਬਾਦਲ ਦੀਆਂ ਹੋਰ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ। ਲਗਾਤਾਰ ਸਿਆਸੀ ਪ੍ਰੋਗਰਾਮਾਂ ਦੇ ਮੁਲਤਵੀ ਹੋਣ ਅਤੇ ਬੱਸ ਯਾਤਰਾ ਦੀ ਤਾਰੀਖ਼ ਦੋ ਵਾਰ ਬਦਲੇ ਜਾਣ ਤੋਂ ਬਾਅਦ ਹੁਣ ਸਾਰਿਆਂ ਦੀਆਂ ਨਜ਼ਰਾਂ 21-22 ਨਵੰਬਰ ਨੂੰ ਹੋਣ ਵਾਲੇ ਪ੍ਰਧਾਨ ਮੰਤਰੀ ਦੇ ਸੰਭਾਵਿਤ ਦੌਰੇ ਅਤੇ ਅਕਾਲੀ ਦਲ-ਭਾਜਪਾ ਵਿਚਕਾਰ ਗਠਜੋੜ ਨੂੰ ਲੈ ਕੇ ਹੋਣ ਵਾਲੇ ਅਗਲੇ ਸਿਆਸੀ ਘਟਨਾਕ੍ਰਮ 'ਤੇ ਟਿਕੀਆਂ ਹੋਈਆਂ ਹਨ।