ਨਵਾਂਸ਼ਹਿਰ (ਮਨੋਰੰਜਨ ਕਾਲੀਆ ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ “ਲੇਬਰ ਰੂਮ ਗੁਣਵੱਤਾ ਸੁਧਾਰ ਪਹਿਲ” (ਲਕਸ਼ਿਆ) ਸਬੰਧੀ ਜ਼ਿਲ੍ਹਾ ਪੱਧਰੀ ਦੋ ਦਿਨਾ ਟ੍ਰੇਨਿੰਗ ਅੱਜ ਸ਼ੁਰੂ ਹੋ ਗਈ, ਜਿਸ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਮੈਡੀਕਲ ਅਫਸਰਾਂ ਅਤੇ ਸਟਾਫ ਨਰਸਾਂ ਨੇ ਭਾਗ ਲਿਆ।
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਟ੍ਰੇਨਿੰਗ ਵਿਚ ਹਾਜ਼ਰ ਸਾਰੇ ਮੈਡੀਕਲ ਅਫਸਰਾਂ ਅਤੇ ਸਟਾਫ ਨਰਸਾਂ ਨੂੰ ‘ਲੇਬਰ ਰੂਮ ਗੁਣਵੱਤਾ ਸੁਧਾਰ ਪਹਿਲ’ ਟ੍ਰੇਨਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਕਸ਼ੇ ਪ੍ਰੋਗਰਾਮ ਦਾ ਮੁੱਖ ਉਦੇਸ਼ ਸਰਕਾਰੀ ਸਿਹਤ ਸੰਸਥਾਵਾਂ ਜਣੇਪੇ ਲਈ ਲੇਬਰ ਰੂਮ ਤੇ ਆਪ੍ਰੇਸ਼ਨ ਥੀਏਟਰ ਵਿਚ ਦਿੱਤੀਆਂ ਜਾਂਦੀਆਂ ਸੇਵਾਵਾਂ ਵਿਚ ਹੋਰ ਸੁਧਾਰ ਲਿਆਉਣ ਦੇ ਨਾਲ-ਨਾਲ ਬਿਹਤਰ ਜੱਚਾ ਬੱਚਾ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਜਣੇਪੇ ਸਮੇਂ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਜ਼ੋਖਮ ਨੂੰ ਘਟਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਅਤ ਜਣੇਪੇ ਲਈ ਸਹੀ ਸਮੇਂ 'ਤੇ ਉਚਿੱਤ ਫੈਸਲਾ ਲੈਣਾ ਬਹੁਤ ਮਹੱਤਵਪੂਰਨ ਹੈ।
ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਲਕਸ਼ੇ ਪ੍ਰੋਗਰਾਮ ਨੈਸ਼ਨਲ ਕੁਆਲਿਟੀ ਇਸ਼ੋਰੈਂਸ ਸਟੈਂਡਰਡ ਦੇ ਮਾਪਦੰਡਾਂ 'ਤੇ ਆਧਾਰਿਤ ਹੈ। ਉਨ੍ਹਾਂ ਟ੍ਰੇਨਿੰਗ ਲੈਣ ਆਏ ਮੈਡੀਕਲ ਅਫਸਰਾਂ ਤੇ ਸਟਾਫ ਨਰਸਾਂ ਨੂੰ ਸੁਰੱਖਿਅਤ ਜਣੇਪੇ ਲਈ ਲਕਸ਼ੇ ਪ੍ਰੋਗਰਾਮ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਕਿਹਾ। ਇਹ ਪ੍ਰੋਗਰਾਮ ਜਣੇਪੇ ਦੌਰਾਨ ਬਿਹਤਰ ਅਤੇ ਸੁਰੱਖਿਅਤ ਮਾਤਰੀ ਦੇਖਭਾਲ ਨੂੰ ਯਕੀਨੀ ਬਣਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਨਾਲ ਜੱਚਾ-ਬੱਚਾ ਮੌਤ ਦਰ ਵਿਚ ਕਮੀ ਆਈ ਹੈ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਹਰੀਸ਼ ਕਿਰਪਾਲ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਹਤਰ ਤੇ ਮੁਫ਼ਤ ਜੱਚਾ-ਬੱਚਾ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਣੇਪੇ ਦੌਰਾਨ ਮਾਤਰੀ ਮੌਤ ਦਰ ਅਤੇ ਜਣੇਪੇ ਤੋਂ ਬਾਅਦ ਬੱਚੇ ਦੀ ਮੌਤ ਦਰ ਘਟਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਟ੍ਰੇਨਿੰਗ ਦੌਰਾਨ ਜਣੇਪੇ ਵੇਲੇ ਮਾਂ ਅਤੇ ਨਵਜੰਮੇ ਬੱਚਿਆ ਦੀਆਂ ਸਮੱਸਿਆਵਾਂ ਦੀ ਜਲਦ ਤੋਂ ਜਲਦ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕਰਨ ਦਾ ਪ੍ਰਬੰਧ ਕਰਨਾ ਹੈ।
ਇਸ ਟ੍ਰੇਨਿੰਗ ਵਿਚ ਗਾਇਨੀਕੋਲੋਜਿਸਟ ਡਾ. ਮੋਨਿਕਾ ਜੈਨ ਨੇ ਟ੍ਰੇਨਿੰਗ ਵਿਚ ਸ਼ਾਮਲ ਉਮੀਦਵਾਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਮੈਡੀਕਲ ਅਫ਼ਸਰਾਂ ਅਤੇ ਸਟਾਫ਼ ਨਰਸਾਂ ਨੂੰ ਗਰਭਵਤੀ ਔਰਤਾਂ ਦੀ ਸੁਰੱਖਿਅਤ ਦੇਖਭਾਲ, ਸੰਪੂਰਨ ਚੈੱਕਅੱਪ ਅਤੇ ਜਣੇਪੇ ਸਮੇਂ ਵਰਤੀਆਂ ਜਾਣ ਵਾਲੀਆਂ ਜ਼ਰੂਰੀ ਸਾਵਧਾਨੀਆਂ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਮਨਦੀਪ ਕਮਲ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਏ ਐੱਚ ਏ ਪੂਜਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।