ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਇਸ ਪਾਵਨ ਮੌਕੇ ‘ਤੇ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਅਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।
ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਵਾਨਾ ਹੋ ਕੇ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਰਾਹੀਂ ਹੁੰਦਾ ਹੋਇਆ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਲੰਘਿਆ। ਰਸਤੇ ਵਿੱਚ ਸੰਗਤਾਂ ਵੱਲੋਂ ਥਾਂ-ਥਾਂ ‘ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਗੁਰੂ ਸਾਹਿਬ ਦੇ ਸਤਿਕਾਰ ਵਿੱਚ ਲੰਗਰ ਵੀ ਲਗਾਏ ਗਏ। ਸ਼ਰਧਾਲੂਆਂ ਦਾ ਉਤਸ਼ਾਹ ਦੇਖਣਯੋਗ ਸੀ, ਜਿੱਥੇ ਬੈਂਡ ਪਾਰਟੀਆਂ ਅਤੇ ਗੱਤਕਾ ਅਖਾੜਿਆਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ।
ਇਹ ਅਲੌਕਿਕ ਨਗਰ ਕੀਰਤਨ ਸ਼ਹਿਰ ਦੇ ਪੁਰਾਤਨ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਇਸ ਦਿਹਾੜੇ ‘ਤੇ ਪੂਰੀ ਗੁਰੂ ਕੀ ਨਗਰੀ ਅੰਮ੍ਰਿਤਸਰ ਅਧਿਆਤਮਿਕ ਰੰਗ ਵਿੱਚ ਰੰਗੀ ਨਜ਼ਰ ਆ ਰਹੀ ਹੈ।