ਫ਼ਰੀਦਕੋਟ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 22 ਜੁਲਾਈ ਤੱਕ ਸੂਬੇ ਦੇ ਸ਼ਹਿਰਾਂ ਵਿਚ ਸਫ਼ਾਈ ਯਕੀਨੀ ਬਣਾਉਣ ਦੇ ਹੁਕਮਾਂ ਤੋਂ ਬਾਅਦ ਸੋਮਵਾਰ ਨੂੰ ਫ਼ਰੀਦਕੋਟ ਵਿਚ ਕੂੜੇ ਦੇ ਢੇਰ ਚੁੱਕਣ ਲਈ ਪਹੁੰਚੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੀਆਂ ਟੀਮਾਂ ਨੂੰ ਸਫ਼ਾਈ ਕਰਮਚਾਰੀਆਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ, ਜਿਸ ਕਾਰਨ ਮੌਕੇ ’ਤੇ ਕਾਫ਼ੀ ਦੇਰ ਤੱਕ ਤਣਾਅਪੂਰਨ ਮਾਹੌਲ ਬਣਿਆ ਰਿਹਾ। ਹਾਲਾਤ ਨੂੰ ਦੇਖਦਿਆਂ ਵੱਡੀ ਗਿਣਤੀ ਵਿਚ ਪੁਲਸ ਫੋਰਸ ਤੈਨਾਤ ਕੀਤੀ ਗਈ। ਸੂਬਾ ਪੱਧਰੀ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਫ਼ਰੀਦਕੋਟ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ। ਇਸ ਕਾਰਨ ਨਾ ਸਿਰਫ਼ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਸਗੋਂ ਬਰਸਾਤ ਦੇ ਮੌਸਮ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਗਿਆ ਹੈ। ਸ਼ਹਿਰ ਵਾਸੀਆਂ ਵੱਲੋਂ ਵੀ ਕੂੜੇ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਜਾ ਰਿਹਾ ਹੈ। ਇਸੇ ਦੌਰਾਨ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਦਾਇਰ ਲੋਕ ਹਿੱਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰਾਂ ਨੂੰ 22 ਜੁਲਾਈ ਤੱਕ ਸੂਬੇ ਦੇ ਸਾਰੇ ਸ਼ਹਿਰਾਂ ਵਿਚ ਕੂੜੇ ਦੇ ਢੇਰ ਚੁੱਕ ਕੇ ਸਫ਼ਾਈ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਫ਼ਰੀਦਕੋਟ ਪ੍ਰਸ਼ਾਸਨ ਵੱਲੋਂ ਨਿੱਜੀ ਟਰਾਲੀਆਂ, ਜੇਸੀਬੀ ਮਸ਼ੀਨਾਂ ਅਤੇ ਹੋਰ ਸਾਧਨਾਂ ਨਾਲ ਸਵੇਰੇ ਹੀ ਕੂੜਾ ਚੁੱਕਣ ਦੀ ਕਾਰਵਾਈ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਗਈ।
ਜਿਵੇਂ ਹੀ ਪ੍ਰਸ਼ਾਸਨਿਕ ਟੀਮਾਂ ਕੂੜਾ ਡੰਪ ਅਤੇ ਹੋਰ ਥਾਵਾਂ ’ਤੇ ਪੁੱਜੀਆਂ ਤਾਂ ਉੱਥੇ ਮੌਜੂਦ ਸਫ਼ਾਈ ਕਰਮਚਾਰੀਆਂ ਨੇ ਉਨ੍ਹਾਂ ਨੂੰ ਰੋਕ ਦਿੱਤਾ। ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਕਿਸੇ ਵੀ ਹਾਲਤ ਵਿੱਚ ਕੂੜਾ ਨਹੀਂ ਚੁੱਕਣ ਦੇਣਗੇ। ਸਫ਼ਾਈ ਕਰਮਚਾਰੀ ਆਗੂ ਨੇ ਕਿਹਾ ਕਿ ਉਹ ਹਾਈਕੋਰਟ ਦੇ ਹੁਕਮਾਂ ਦਾ ਪੂਰਾ ਸਨਮਾਨ ਕਰਦੇ ਹਨ ਪਰ ਸਰਕਾਰ ਲਗਾਤਾਰ ਉਨ੍ਹਾਂ ਨਾਲ ਵਾਅਦੇ ਕਰਕੇ ਵੀ ਮੰਗਾਂ ਨੂੰ ਅਣਡਿੱਠਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਲੋੜ ਪਈ ਤਾਂ ਉਹ ਆਪਣੀ ਜਾਨ ਦੀ ਬਾਜ਼ੀ ਲਗਾ ਦੇਣਗੇ, ਪਰ ਹੜਤਾਲ ਨੂੰ ਕਮਜ਼ੋਰ ਨਹੀਂ ਹੋਣ ਦੇਣਗੇ ਅਤੇ ਕੂੜਾ ਨਹੀਂ ਚੁੱਕਣ ਦਿੱਤਾ ਜਾਵੇਗਾ।
ਦੂਜੇ ਪਾਸੇ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅੰਮ੍ਰਿਤ ਲਾਲ ਨੇ ਕਿਹਾ ਕਿ ਸੰਗਰੂਰ ਦੇ ਇੱਕ ਵਿਅਕਤੀ ਵੱਲੋਂ ਹਾਈਕੋਰਟ ਵਿਚ ਦਾਇਰ ਲੋਕ ਹਿੱਤ ਪਟੀਸ਼ਨ ’ਤੇ ਸੁਣਵਾਈ ਦੌਰਾਨ ਅਦਾਲਤ ਨੇ ਸੂਬੇ ਦੇ ਸਾਰੇ ਸ਼ਹਿਰਾਂ ਵਿਚ 22 ਜੁਲਾਈ ਤੱਕ ਸਫ਼ਾਈ ਮੁਹਿੰਮ ਮੁਕੰਮਲ ਕਰਨ ਦੇ ਸਪੱਸ਼ਟ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮਕਸਦ ਕਿਸੇ ਨਾਲ ਟਕਰਾਅ ਕਰਨਾ ਨਹੀਂ, ਸਗੋਂ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਲੋਕਾਂ ਨੂੰ ਕੂੜੇ ਤੋਂ ਰਾਹਤ ਦਿਵਾਉਣਾ ਹੈ। ਇਸੇ ਲਈ ਨਿੱਜੀ ਮਸ਼ੀਨਰੀ ਅਤੇ ਸਾਧਨਾਂ ਦੀ ਮਦਦ ਨਾਲ ਸਫ਼ਾਈ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ। ਮੌਕੇ ’ਤੇ ਬਣੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਪੁਲਸ ਬਲ ਤਾਇਨਾਤ ਰਿਹਾ। ਕਾਫ਼ੀ ਦੇਰ ਤੱਕ ਚੱਲੀ ਗੱਲਬਾਤ ਤੋਂ ਬਾਅਦ ਪ੍ਰਸ਼ਾਸਨ ਅਤੇ ਸਫ਼ਾਈ ਸੇਵਕਾਂ ਵਿਚਾਲੇ ਇਸ ਗੱਲ ’ਤੇ ਸਹਿਮਤੀ ਬਣ ਗਈ ਕਿ ਬਾਬਾ ਫ਼ਰੀਦ ਜੀ ਦੀ ਦਰਗਾਹ ਨੂੰ ਜਾਂਦੇ ਮੁੱਖ ਰਸਤੇ ’ਤੇ ਪਏ ਕੂੜੇ ਦੇ ਢੇਰ ਨੂੰ ਲੋਕਾਂ ਦੀ ਸਹੂਲਤ ਅਤੇ ਧਾਰਮਿਕ ਆਸਥਾ ਨੂੰ ਧਿਆਨ ਵਿਚ ਰੱਖਦਿਆਂ ਚੁੱਕਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਸਹਿਮਤੀ ਤੋਂ ਬਾਅਦ ਮਾਹੌਲ ਕੁਝ ਹੱਦ ਤੱਕ ਸ਼ਾਂਤ ਹੋਇਆ, ਹਾਲਾਂਕਿ ਸਫ਼ਾਈ ਸੇਵਕਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਹੋਣ ਤੱਕ ਹੜਤਾਲ ਅਤੇ ਸੰਘਰਸ਼ ਪਹਿਲਾਂ ਵਾਂਗ ਜਾਰੀ ਰਹੇਗਾ।