ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੋਲਿੰਗ ਸਟੇਸ਼ਨਾਂ ਦਾ ਰੈਸ਼ਨਲਾਈਜ਼ੇਸ਼ਨ (Rationalization) ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰੈਸ਼ਨਲਾਈਜ਼ੇਸ਼ਨ ਉਪਰੰਤ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 46-ਬੰਗਾ (ਰਾਖਵਾਂ) – 201 ਪੋਲਿੰਗ ਸਟੇਸ਼ਨ, 47-ਨਵਾਂਸ਼ਹਿਰ – 217 ਪੋਲਿੰਗ ਸਟੇਸ਼ਨ ਅਤੇ 48-ਬਲਾਚੌਰ – 200 ਪੋਲਿੰਗ ਸਟੇਸ਼ਨ ਹੈ। ਇਸ ਤਰ੍ਹਾਂ ਜ਼ਿਲ੍ਹੇ ਅੰਦਰ ਕੁੱਲ 618 ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਪੋਲਿੰਗ ਸਟੇਸ਼ਨਾਂ ਸਬੰਧੀ ਜਾਣਕਾਰੀ ਭੇਜ ਦਿੱਤੀ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਸ ਰੈਸ਼ਨਲਾਈਜ਼ੇਸ਼ਨ ਦਾ ਉਦੇਸ਼ ਵੋਟਰਾਂ ਨੂੰ ਆਪਣੇ ਨਜ਼ਦੀਕੀ ਅਤੇ ਸੁਵਿਧਾਜਨਕ ਪੋਲਿੰਗ ਸਟੇਸ਼ਨਾਂ 'ਤੇ ਵੋਟ ਪਾਉਣ ਦੀ ਸਹੂਲਤ ਪ੍ਰਦਾਨ ਕਰਨਾ ਅਤੇ ਚੋਣ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ, ਸੁਚਾਰੂ ਅਤੇ ਪਾਰਦਰਸ਼ੀ ਬਣਾਉਣਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਰੈਸ਼ਨਲਾਈਜ਼ੇਸ਼ਨ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਜਾਣਕਾਰੀ ਸਮੇਂ ਸਿਰ ਅਪਡੇਟ ਕੀਤੀ ਜਾਵੇ ਅਤੇ ਇਸ ਸਬੰਧੀ ਲੋੜੀਂਦੀ ਕਾਰਵਾਈ ਤੁਰੰਤ ਯਕੀਨੀ ਬਣਾਈ ਜਾਵੇ।