ਚੰਡੀਗੜ੍ਹ : ‘ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ ਪੰਜਾਬ ਪੁਲਸ ਨੇ 364 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ’ਚ 63 ਐੱਫ.ਆਈ.ਆਰਜ਼ ਦਰਜ ਕਰ ਕੇ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 226 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,867 ਹੋ ਗਈ ਹੈ। ਇਨ੍ਹਾਂ ਦੇ ਕਬਜ਼ੇ ’ਚੋਂ 2.9 ਕਿੱਲੋ ਹੈਰੋਇਨ, 2.6 ਕਿੱਲੋ ਅਫ਼ੀਮ, 674 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਸ ਦੌਰਾਨ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ 364 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 391 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਨਾਲ ਹੀ 21 ਵਿਅਕਤੀਆਂ ਨੂੰ ਨਸ਼ਾ ਛੱਡਣ ਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।