ਐਸ.ਏ.ਐਸ. ਨਗਰ (ਪ੍ਰੀਤ ਪੱਤੀ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਚੱਲ ਰਹੇ ਸਟੇਟ ਐਕਸ਼ਨ ਪਲਾਨ "ਸਾਡੇ ਬਜ਼ੁਰਗ ਸਾਡਾ ਮਾਣ" (2025-26) ਦੇ ਅਧੀਨ ਬਲਾਕ ਖਰੜ ਦੇ ਪਿੰਡ ਸਵਾੜਾ ਵਿਖੇ ਸੀਨੀਅਰ ਸਿਟੀਜ਼ਨਾਂ ਲਈ ਇੱਕ ਰੋਜ਼ਾ ਵਿਸ਼ੇਸ਼ ਗਤੀਵਿਧੀ ਕੈਂਪ ਲਗਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਉਤਪਾਦਕ ਕਾਰਜਾਂ ਨਾਲ ਜੋੜਨਾ ਅਤੇ ਸਮਾਜਿਕ ਤੌਰ 'ਤੇ ਸਰਗਰਮ ਰੱਖਣਾ ਸੀ।
ਇਸ ਪ੍ਰੋਗਰਾਮ ਦੌਰਾਨ ਬਜ਼ੁਰਗਾਂ ਨੇ ਆਪਣੀ ਰਵਾਇਤੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਬੁਣਾਈ, ਕਰੋਸ਼ੀਆ ਅਤੇ ਅਚਾਰ ਬਣਾਉਣ ਵਰਗੀਆਂ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਐੱਸ. ਏ. ਐਸ. ਨਗਰ (ਮੋਹਾਲੀ) ਨਵਦੀਪ ਕੌਰ ਨੇ ਦੱਸਿਆ ਕਿ ਇਹ ਉਪਰਾਲਾ ਬਜ਼ੁਰਗਾਂ ਦੀ ਮਾਨਸਿਕ ਸਿਹਤ ਨੂੰ ਸੁਧਾਰਨ ਅਤੇ ਉਨ੍ਹਾਂ ਦੇ ਵੱਡਮੁੱਲੇ ਤਜ਼ਰਬਿਆਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤਾ ਗਿਆ ਹੈ ਤਾਂ ਜੋ ਉਹ ਸਮਾਜ ਵਿੱਚ ਸਤਿਕਾਰਤ ਅਤੇ ਆਤਮ-ਨਿਰਭਰ ਮਹਿਸੂਸ ਕਰ ਸਕਣ।